ਖੇਤਰੀ ਪ੍ਰਤੀਨਿਧਲੁਧਿਆਣਾ, 23 ਦਸੰਬਰਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਸਰੀ ਕੈਨੇਡਾ ਵਸਦੇ ਲੇਖਕ ਪਾਲ ਢਿੱਲੋਂ ਦਾ ਗਜ਼ਲ ਸੰਗ੍ਰਹਿ ‘ਅਗਲਾ ਵਰਕਾ ਖੋਲ੍ਹ’ ਲੋਕ ਅਰਪਣ ਕੀਤਾ ਗਿਆ। ਪ੍ਰੋਗਰਾਮ ਦੇ ਆਰੰਭ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋਫ਼ੈਸਰ ਰਜਿੰਦਰ ਕੌਰ ਮਲਹੋਤਰਾ ਨੇ ਆਏ ਹੋਏ ਮਹਿਮਾਨਾਂ ਨੂੰ ਰਸਮੀ ਤੌਰ ’ਤੇ ਜੀ ਆਇਆ ਕਿਹਾ। ਕਾਲਜ ਕੌਂਸਲ ਦੇ ਪ੍ਰਧਾਨ ਅਤੇ ਸਾਬਕਾ ਉਪ-ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਡਾ. ਐੱਸਪੀ ਸਿੰਘ ਨੇ ਕਿਹਾ ਕਿ ਇਸ ਪਰਵਾਸੀ ਅਧਿਐਨ ਕੇਂਦਰ ਦਾ ਉਦੇਸ਼ ਇਮਾਨਦਾਰੀ ਤੇ ਸੰਜੀਦਗੀ ਨਾਲ ਪਰਵਾਸੀ ਪੰਜਾਬੀ ਸਾਹਿਤ ਦਾ ਅਧਿਐਨ ਕਰਨਾ ਤੇ ਕਰਵਾਉਣਾ ਹੈ।ਪੰਜਾਬੀ ਲੋਕ ਵਿਰਾਸਤ ਅਕੈਡਮੀ ਦੇ ਪ੍ਰਧਾਨ ਪ੍ਰੋਫ਼ੈਸਰ ਗੁਰਭਜਨ ਗਿੱਲ ਨੇ ਦੱਸਿਆ ਕਿ ਲੇਖਕ ਪਾਲ ਢਿੱਲੋਂ ਇੱਕ ਸੰਵੇਦਨਸ਼ੀਲ ਸ਼ਾਇਰ ਹੈ ਜਿਸ ਨੂੰ ਜ਼ਿੰਦਗੀ ਦੇ ਛੋਟੇ ਛੋਟੇ ਕਤਰਿਆਂ ਨੂੰ ਫੜਨ ਅਤੇ ਫਿਰ ਗਜ਼ਲ ਵਿੱਚ ਢਾਲਣ ਦਾ ਹੁਨਰ ਪ੍ਰਾਪਤ ਹੈ। ਸ਼ਾਇਰ ਪਾਲ ਢਿੱਲੋਂ ਨੇ ਸਰੋਤਿਆਂ ਦੇ ਰੂ-ਬ-ਰੂ ਹੁੰਦਿਆਂ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਾਲ ਢਿੱਲੋਂ ਤੇ ਉਨ੍ਹਾਂ ਦੀ ਪਤਨੀ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦਾ ਸੰਚਾਲਨ ਕੇਂਦਰ ਦੇ ਕੋਆਰਡੀਨੇਟਰ ਡਾ. ਤਜਿੰਦਰ ਕੌਰ ਨੇ ਕੀਤਾ।