ਗਰਮੀ ’ਚ ਲੋਕਾਂ ਨੂੰ ਬਿਜਲੀ ਦੀ ਕੋਈ ਦਿੱਕਤ ਨਹੀਂ ਆਵੇਗੀ: ਹਰਭਜਨ ਸਿੰਘ
ਜੋਗਿੰਦਰ ਸਿੰਘ ਮਾਨ/ਸ਼ਗਨ ਕਟਾਰੀਆ
ਮਾਨਸਾ/ਬਠਿੰਡਾ, 6 ਮਈ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਝੋਨੇ ਦੀ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਬਿਜਲੀ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿੱਚ ਨਿੱਜੀ ਭਾਈਵਾਲੀ ਤਹਿਤ ਲੱਗੇ ਉਤਰੀ ਭਾਰਤ ਦੇ ਸਭ ਤੋਂ ਵੱਡੇ ਵੇਦਾਂਤਾ ਕੰਪਨੀ ਦੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਦਾ ਵਿਸ਼ੇਸ ਦੌਰਾ ਕਰਨ ਪੁੱਜੇ ਸਨ। ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਇਸ ਵਾਰ ਪਹਿਲੀ ਦਫ਼ਾ ਪੰਜਾਬ ਵਿੱਚ ਸਰਕਾਰ ਵੱਲੋਂ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਵਾਈ ਜਾ ਰਹੀ ਹੈ ਤਾਂ ਜੋ ਝੋਨੇ ਦੀ ਵਾਢੀ ਵੇਲੇ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਤਾਪਘਰ ਦੇ ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਹੈ ਕਿ ਗਰਮੀ ਦੇ ਸੀਜ਼ਨ ਦੌਰਾਨ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਤਾਪਘਰ ਵੱਲੋਂ ਪ੍ਰਤੀ ਦਿਨ 1980 ਮੈਗਾਵਾਟ ਬਿਜਲੀ ਪੈਦਾ ਕੀਤੀ ਜਾਂਦੀ ਹੈ ਅਤੇ ਇਸ ਵੇਲੇ ਤਾਪਘਰ ਦੇ ਤਿੰਨੋ ਯੂਨਿਟ 1100 ਮੈਗਾਵਾਟ ਲੋੜ ਅਨੁਸਾਰ ਬਿਜਲੀ ਪੈਦਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤਾਪਘਰ ਵਿੱਚ 3 ਯੂਨਿਟ ਸਥਾਪਿਤ ਹਨ ਅਤੇ ਪ੍ਰਤੀ ਯੂਨਿਟ 660 ਮੈਗਾਵਾਟ ਦੀ ਸਮਰੱਥਾ ਹੈ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਐਮਡੀ ਅਤੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਜੋਇ ਕੁਮਾਰ ਸਿਨ੍ਹਾ,ਤਾਪਘਰ ਦੇ ਮੁੱਖ ਸੰਚਾਲਣ ਅਧਿਕਾਰੀ ਪੰਕਜ ਸ਼ਰਮਾ ਵੀ ਮੌਜੂਦ ਸਨ।
ਇਸੇ ਦੌਰਾਨ ਬਠਿੰਡਾ ਜ਼ਿਲ੍ਹੇ ਦਾ ਦੌਰਾ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਗਰਮੀ ਅਤੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਬਿਜਲੀ ਸਪਲਾਈ ਦੀ ਖਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟਾਂ ਕੋਲ ਕੋਲੇ ਦੇ ਭੰਡਾਰ ਦੀ ਕੋਈ ਕਮੀ ਨਹੀਂ। ਬਿਜਲੀ ਮੰਤਰੀ ਬਠਿੰਡਾ ਜ਼ੋਨ ਦੇ 7 ਜ਼ਿਲ੍ਹਿ ਬਠਿੰਡਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਫਾਜ਼ਿਲਕਾ ਨਾਲ ਸਬੰਧਤ ਪੀਐਸਪੀਸੀਐਲ ਦੇ ਉੱਚ ਅਧਿਕਾਰੀਆਂ ਨਾਲ ਅੱਜ ਇੱਥੇ ਸਥਾਨਕ ਲੇਕ ਵਿਊ ਗੈਸਟ ਹਾਊਸ ਵਿੱਚ ਅੱਜ ਮੀਟਿੰਗ ਕਰਨ ਲਈ ਪੁੱਜੇ ਸਨ। ਉਨ੍ਹਾਂ ਬਠਿੰਡਾ ਜ਼ੋਨ ਨਾਲ ਸਬੰਧਤ ਖਪਤਕਾਰਾਂ ਨੂੰ ਤੋਹਫ਼ਾ ਦਿੰਦਿਆਂ ਦੱਸਿਆ ਕਿ ਮੁਹੱਈਆ ਕਰਵਾਈਆਂ ਜਾਣ ਵਾਲੀਆਂ 64 ਮੋਬਾਈਲ ਟਰਾਂਸਫਾਰਮਰ ਵੈਨਾਂ ਦਾ ਮੁੱਖ ਮੰਤਵ ਹੈ ਕਿ ਜਿੱਥੇ ਕਿਤੇ ਵੀ ਟਰਾਂਸਫਰਮਰ ਦੇ ਸੜਨ ਜਾਂ ਹੋਰ ਤਕਨੀਕੀ ਕਾਰਣ ਕਰਕੇ ਸਪਲਾਈ ਚ ਰੁਕਾਵਟ ਆਉਂਦੀ ਹੈ ਤਾਂ ਉਥੇ ਤੁਰੰਤ ਇਹ ਮੋਬਾਈਲ ਵੈਨਾਂ ਰਾਹੀਂ ਕੁੱਝ ਕੁ ਮਿੰਟਾਂ ਵਿੱਚ ਬਿਜਲੀ ਦੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ। ਬਿਜਲੀ ਮੰਤਰੀ ਵੱਲੋਂ ਲਹਿਰਾ ਮੁਹੱਬਤ ਤੇ ਤਲਵੰਡੀ ਸਾਬੋ ਤਾਪ ਬਿਜਲੀ ਘਰਾਂ ਦਾ ਦੌਰਾ ਵੀ ਕੀਤਾ ਗਿਆ।