ਗਿਆਨੀ ਮੋਹਣ ਸਿੰਘ ਦੇ ਦੇਹਾਂਤ ’ਤੇ ਧਾਮੀ ਵੱਲੋਂ ਦੁੱਖ ਪ੍ਰਗਟ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਮਈ
ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਣ ਸਿੰਘ ਦੇ ਦੇਹਾਂਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਗਿਆਨੀ ਮੋਹਣ ਸਿੰਘ ਨੇ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾ ਨਿਭਾਉਂਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ ਅਤੇ ਗੁਰੂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਆਪਣੀ ਨਿੱਜੀ ਜਾਇਦਾਦ ਵੀ ਦਰਬਾਰ ਸਾਹਿਬ ਦੇ ਨਾਂ ਕਰ ਦਿੱਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਸੰਗਤ ਲਈ ਵੱਡਾ ਘਾਟਾ ਹੈ। ਇਸੇ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਹੰਗ ਜਥੇਬਦੀ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਇਸੇ ਦੌਰਾਨ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।