ਗਿਆਨ ਜਯੋਤੀ ਇੰਸਟੀਚਿਊਟ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਜੂਨ
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਤੇ ਤਕਨਾਲੋਜੀ ਫੇਜ਼-2 ਵੱਲੋਂ ਵਿਸ਼ਵ ਖ਼ੂਨਦਾਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਗਿਆਨ ਜਯੋਤੀ ਗਰੁੱਪ ਦੇ ਰੋਟਰੈਕਟ ਕਲੱਬ, ਐਨਐੱਸਐੱਸ ਯੂਨਿਟ ਅਤੇ ਐਨਸੀਸੀ ਵਿੰਗ ਦੇ ਸਾਂਝੇ ਉਪਰਾਲੇ ਦਾ ਮੰਤਵ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਆਮ ਨਾਗਰਿਕਾਂ ਨੂੰ ਸਵੈ-ਇੱਛੁਕ ਖੂਨਦਾਨ ਕਰਨ ਬਾਰੇ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੇ ਜਾਗਰੂਕਤਾ ਦਾ ਹੋਕਾ ਦਿੰਦੇ ਹੋਏ ਕਿਹਾ ਕਿ ਜੀਵਨ ਬਚਾਉਣ ਵਿੱਚ ਖੂਨਦਾਨ ਜ਼ਰੂਰੀ ਹੈ। ਗਿਆਨ ਜਯੋਤੀ ਇੰਸਟੀਚਿਊਟ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਇਸ ਮਹੱਤਵਪੂਰਨ ਜਾਗਰੂਕਤਾ ਮੁਹਿੰਮ ਨੂੰ ਸੰਗਠਿਤ ਕਰਨ ਵਿੱਚ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੂਨਦਾਨ ਦੀ ਸ਼ਕਤੀ ਅਤੇ ਜੀਵਨ ਬਚਾਉਣ ’ਤੇ ਇਸ ਦੇ ਪ੍ਰਭਾਵ ਬਾਰੇ ਸਿੱਖਿਅਤ ਕਰਨਾ ਜ਼ਰੂਰੀ ਹੈ। ਇਹ ਪਹਿਲਕਦਮੀ ਜ਼ਿੰਮੇਵਾਰ ਨਾਗਰਿਕਾਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਅਦਾਰੇ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਹਮਦਰਦ ਸਮਾਜ ਬਣਾਉਣ ਲਈ ਜ਼ਰੂਰੀ ਹਨ।