ਗਿਆਸਪੁਰਾ ਵੱਲੋਂ ਦੋਰਾਹਾ ’ਚ ਮਨਰੇਗਾ ਕਾਮਿਆਂ ਦਾ ਸਨਮਾਨ
ਪੱਤਰ ਪ੍ਰੇਰਕ
ਦੋਰਾਹਾ, 23 ਮਈ
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਸਡੀਐੱਮ ਪਾਇਲ ਪ੍ਰਦੀਪ ਸਿੰਘ ਬੈਂਸ ਤੇ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਵਿਧਾਇਕ ਨੇ ਬਲਾਕ ਦੋਰਾਹਾ ਅਤੇ ਮਲੌਦ ਦੇ ਮਨਰੇਗਾ ਅਧੀਨ ਕੰਮ ਕਰਨ ਵਾਲੇ ਕਿਰਤੀਆਂ ਨੂੰ ਸਨਮਾਨਿਤ ਕਰਦਿਆਂ ਕੰਮ ਕਰਨ ਵਾਲੇ ਕਿਰਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਤੁਰੰਤ ਦੂਰ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਮਨਰੇਗਾ ਅਧੀਨ ਪਿੰਡਾਂ ਵਿਚ ਕੰਮ ਕਰਨ ਵਾਲੇ ਕਿਰਤੀਆਂ ਨੂੰ ਕੰਮ ਕਰਨ ਦਾ ਵੱਧ ਤੋਂ ਵੱਧ ਮੌਕਾ ਦਿੱਤਾ ਜਾਵੇ ਅਤੇ ਵਿਕਾਸ ਦੇ ਨਿਰਵਿਘਨ ਕੰਮ ਕੀਤੇ ਜਾਣ ਤਾਂ ਜੋ ਸਰਕਾਰ ਵੱਲੋਂ ਭੇਜੇ ਫੰਡਾਂ ਦਾ ਸਹੀ ਇਸਤੇਮਾਲ ਕਰਦਿਆਂ ਮਨਰੇਗਾ ਅਧੀਨ ਕਿਰਤੀਆਂ ਨੂੰ ਕੰਮ ਮਿਲ ਸਕੇ।
ਉਨ੍ਹਾਂ ਲੇਬਰ ਵਿਭਾਗ, ਸੋਸ਼ਲ ਐਂਡ ਵੈਲਫ਼ੇਅਰ ਵਿਭਾਗ, ਪੰਚਾਇਤ ਵਿਭਾਗ ਆਦਿ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਕੋਲ ਕੰਮ ਲੈ ਕੇ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਅਤੇ ਕਿਸੇ ਨੂੰ ਖੱਜਲ ਖੁਆਰ ਨਾ ਕੀਤੇ ਜਾਵੇ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਲੋਕਾਂ ਨਾਲ ਸਬੰਧਤ ਕੰਮ ਕਰਨਾ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ।