ਗੁਰਦੁਆਰਾ ਟੋਕਾ ਸਾਹਿਬ ’ਚ ਪੂਰਨਮਾਸ਼ੀ ਤੇ ਹੋਲਾ ਮਹੱਲਾ ਮਨਾਇਆ
ਪੱਤਰ ਪ੍ਰੇਰਕ
ਨਰਾਇਣਗੜ੍ਹ, 15 ਮਾਰਚ
ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿੱਚ ਪੂਰਨਮਾਸ਼ੀ ਅਤੇ ਹੋਲਾ ਮਹੱਲਾ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਅਖੰਡ ਪਾਠ ਦੇ ਭੋਗ ਤੋਂ ਬਾਅਦ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਰਾਗੀ ਅਮਰਜੀਤ ਸਿੰਘ ਨੇ ਹੋਰ ਰਾਗੀ ਜਥਿਆਂ ਨਾਲ ਮਿਲ ਕੇ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਰਾਗੀ ਜਥਿਆਂ ਨੇ ਸੰਗਤਾਂ ਨੂੰ ਪੂਰਨਮਾਸ਼ੀ ਅਤੇ ਹੋਲਾ ਮਹੱਲਾ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਇਸ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਹੋਲਾ ਮਹੱਲਾ ਮਨਾਉਣ ਦੀ ਸ਼ੁਰੂਆਤ ਗੁਰੂ ਗੋਬਿੰਦ ਸਿੰਘ ਸਦਕਾ ਹੋਈ ਸੀ। ਅਤੇ ਗੁਰੂ ਸਾਹਿਬ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਅਤੇ ਪੰਜ ਕਕਾਰਾਂ ਦੀ ਬਖਸ਼ਿਸ਼ ਕਰਕੇ ਅੰਮ੍ਰਿਤ ਦੀ ਦਾਤ ਦਿੱਤੀ। ਉਨ੍ਹਾਂ ਸੰਗਤ ਨੂੰ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿੱਚ ਜੋ ਵੀ ਸ਼ਰਧਾਲੂ ਸੱਚੇ ਦਿਲੋਂ ਅਰਦਾਸ ਕਰਦੇ ਹਨ ਗੁਰੂ ਗੋਬਿੰਦ ਸਿੰਘ ਜੀ ਉਨ੍ਹਾਂ ਦੀ ਹਰ ਅਰਦਾਸ ਪੂਰੀ ਕਰਦੇ ਹਨ ਅਤੇ ਆਪਣਾ ਅਸ਼ੀਰਵਾਦ ਦਿੰਦੇ ਹਨ। ਉਨ੍ਹਾਂ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਜਾਪ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇਸੀ ਸਾਲ ਸ਼ੁਰੂ ਬਾਰੇ ਵੀ ਸੰਗਤ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਸੰਗ ਨੂੰ ਆਪਣੇ ਬੱਚਿਆਂ ਨੂੰ ਦੇਸੀ ਮਹੀਨਿਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ