ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਦਸਵੀਂ ਮੌਕੇ ਸਮਾਗਮ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 9 ਜਨਵਰੀ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਬੀਬੀ ਜਸਵੀਰ ਕੌਰ ਜੱਸ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਅਕਾਲ ਤਖ਼ਤ ਸਾਹਿਬ) ਦਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸ-ਭਿੰਨੇ ਕੀਰਤਨ ਰਾਹੀਂ ਹਾਜ਼ਰੀ ਲਵਾਈ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਜੋਗਿੰਦਰ ਸਿੰਘ ਲੁਧਿਆਣਾ, ਬੀਬੀ ਮਨਪ੍ਰੀਤ ਕੌਰ ਕੋਟਕਪੂਰਾ, ਭਾਈ ਗੁਰਦੇਵ ਸਿੰਘ ਪਟਿਆਲਾ, ਭਾਈ ਗੁਰਤੇਗ ਸਿੰਘ ਸ੍ਰੀ ਨਗਰ ਵਾਲੇ, ਬੀਬੀ ਜਸਪ੍ਰੀਤ ਕੌਰ, ਭਾਈ ਜਸਵਿੰਦਰ ਸਿੰਘ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਂਝ ਪਾਈ। ਸਾਰੇ ਜਥਿਆਂ ਨੂੰ ਸਨਮਾਨਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।