ਗੁਰਦੁਆਰੇ ਦੀ ਨਵੀਂ ਇਮਾਰਤ ਦਾ ਉਦਘਾਟਨ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਅਪਰੈਲ
ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸੇਵਾ ਮੁਕੰਮਲ ਹੋਣ ਮਗਰੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਉਦਘਾਟਨ ਕੀਤਾ ਗਿਆ। ਇਸ ਮੌਕੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਰਜੀਤ ਸਿੰਘ ਸਭਰਾ ਨੇ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਬਾਬਾ ਬੋਤਾ ਸਿੰਘ ਅਤੇ ਸ਼ਹੀਦ ਬਾਬਾ ਗਰਜਾ ਸਿੰਘ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ। ਉਨ੍ਹਾਂ ਦੀ ਯਾਦ ਵਿੱਚ ਬਣੇ ਅਸਥਾਨ ਦੀ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖਾਂ ਪਾਸੋਂ ਕਰਵਾਈ ਗਈ ਹੈ ਅਤੇ ਇਹ ਕਾਰਜ ਮੁਕੰਮਲ ਹੋਣ ਉਪਰੰਤ ਗੁਰਦੁਆਰਾ ਸਾਹਿਬ ਅੱਜ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਉਨ੍ਹਾਂ ਕਾਰਸੇਵਾ ਵਾਲੇ ਮਹਾਂਪੁਰਖਾਂ ਤੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਜੈਬ ਸਿੰਘ ਅਭਿਆਸੀ ਸਮੇਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਧਾਮੀ ਹਾਜ਼ਰ ਸਨ।