ਗੁਰਮਤਿ ਮੁਕਾਬਲਿਆਂ ’ਚ ਸਿੱਖ ਨੈਸ਼ਨਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 22 ਮਈ
ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਗੁਰਮਤਿ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਇੰਚਾਰਜ ਲੈਕਚਰਾਰ ਰਵਿੰਦਰ ਸਿੰਘ ਤੇ ਲੈਕਚਰਾਰ ਰਮਨਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਪ੍ਰਸ਼ਨੋਤਰੀ, ਗੁਰਬਾਣੀ ਕੰਠ ਤੇ ਕਵਿਤਾ ਉਚਾਰਣ ਆਦਿ ਮੁਕਾਬਲਿਆਂ ਵਿੱਚ ਭਾਗ ਲਿਆ।
ਗੁਰਬਾਣੀ ਕੰਠ ਮੁਕਾਬਲੇ ਵਿੱਚ ਅਕਸਦੀਪ ਕੌਰ, ਸੁਖਜੋਤ ਕੌਰ, ਪਵਨੀਤ ਕੌਰ ਤੇ ਕਿਰਨਜੋਤ ਕੌਰ, ਪ੍ਰਸ਼ਨੋਤਰੀ ਵਿੱਚ ਕਾਜਲ, ਸੁਮਨਦੀਪ ਕੌਰ, ਤਜਿੰਦਰ ਕੌਰ ਅਤੇ ਵੰਸ਼ਦੀਪ ਸਿੰਘ, ਕਵਿਤਾ ਉਚਾਰਣ ਮੁਕਾਬਲੇ ਵਿੱਚ ਲਵਪ੍ਰੀਤ ਕੌਰ, ਨਵਦੀਪ ਕੌਰ ਤੇ ਮਹਿਕਦੀਪ ਕੌਰ ਨੇ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੇਤੂ ਅਤੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਸਕੂਲ ਪ੍ਰਬੰਧਕ ਕਮੇਟੀ ਦੇ ਸਥਾਨਕ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ ਅਤੇ ਸਕੂਲ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ’ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।