ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਬੰਧਨ ਹੇਠਲੇ ਵੱਖ-ਵੱਖ ਗੁਰਦੁਆਰਿਆਂ ਵਿਚ ਕੀਰਤਨ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ ਜਿਥੇ ਰਾਗੀ ਸਿੰਘਾਂ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਨੇ ਸਿੱਖ ਧਰਮ ਵਿਚ ਸ਼ਹਾਦਤਾਂ ਦੇਣ ਦੀ ਸ਼ੁਰੂਆਤ ਕੀਤੀ।
ਨਰਾਇਣਗੜ੍ਹ (ਫਰਿੰਦਰ ਪਾਲ ਗੁਲਿਆਨੀ): ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ’ਤੇ ਨਰਾਇਣਗੜ੍ਹ ਦੇ ਮੁਹੱਲਾ ਪਠਾਣਾਂ ਵਾਲਾ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਕਰਵਾਏ ਗਏ, ਜਿਸ ਵਿੱਚ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਸੁਰਜੀਤ ਕਪੂਰ, ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਖਜ਼ਾਨਚੀ ਗਗਨਦੀਪ ਸਿੰਘ ਹਾਜ਼ਰ ਸਨ।
ਫਰੀਦਾਬਾਦ (ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਵਸ ਫਰੀਦਾਬਾਦ ਵਿਖੇ ਵੱਖ-ਵੱਖ ਸਿੰਘ ਸਭਾਵਾਂ ਵੱਲੋਂ ਮਨਾਇਆ ਗਿਆ। ਸ਼ਹਿਰ ਦੀ ਪ੍ਰਮੁੱਖ ਸਿੰਘ ਸਭਾ ਸੈਕਟਰ 15 ਵਿਖੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਜਸ ਗਾਇਆ ਗਿਆ। ਸਿੰਘ ਸਭਾ ਗੁਰਦੁਆਰੇ ਦੀ ਪ੍ਰਧਾਨ ਰਾਣਾ ਕੌਰ ਭੱਟੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।
ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਮਸਤਗੜ ਸਾਹਿਬ ਵਿਚ ਗੁਰਮੀਤ ਸਮਾਗਮ ਕੀਤਾ ਗਿਆ। ਇਸ ਮੌਕੇ ਗੁਰਮਤਿ ਪ੍ਰਚਾਰ ਸਭਾ ਤੇ ਗੁਰੂ ਤੇਗ ਬਹਾਦਰ ਸਭਾ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ। ਸਭਾ ਦੇ ਬੁਲਾਰੇ ਜਗਦੇਵ ਸਿੰਘ ਗਾਬਾ ਨੇ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਸੰਗਤ ਗੁਰੂ ਘਰ ਨਮਸਤਕ ਹੋਈ। ਰਾਗੀ ਤੇ ਢਾਡੀ ਜਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹਰਵਿੰਦਰ ਸਿੰਘ ਬਿੰਦਰਾ, ਗੁਰਨਾਮ ਸਿੰਘ ਚੀਮਾ, ਰਵਿੰਦਰ ਸਿੰਘ, ਮਨਜੀਤ ਸਿੰਘ ਰੇਲਵੇ ਵਾਲੇ, ਦੇਵਿੰਦਰ ਸਿੰਘ ਸੈਣੀ, ਸੁਖਬੀਰ ਸਿੰਘ ਬਿੱਟਾ, ਹਰਜੀਤ ਸਿੰਘ ਰਾਣਾ, ਇੰਦਰਜੀਤ ਸਿੰਘ ਸੱਗੂ, ਸੁਰਿੰਦਰ ਸਿੰਘ ਹੰਸ, ਬਲਿਹਾਰ ਸਿੰਘ, ਪ੍ਰੀਤਮ ਸਿੰਘ ਆਦਿ ਮੌਜੂਦ ਸਨ। ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ।
ਨਾਇਬ ਸਿੰਘ ਸੈਣੀ ਗੁਰਦੁਆਰਾ ਬਾਉਲੀ ਸਾਹਿਬ ਨਤਮਸਤਕ
ਪਿਹੋਵਾ (ਸਤਪਾਲ ਰਾਮਗੜ੍ਹੀਆ): ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ’ਤੇ ਕਰਵਾਏ ਸਮਾਗਮ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਆਪਣੇ ਧਰਮ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਗੁਰੂਆਂ ਨੇ ਖੁਦ ਸਭ ਤੋਂ ਵੱਧ ਤਸੀਹੇ ਝੱਲੇ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਇਹ ਧਾਰਮਿਕ ਧਰਤੀ ਗੁਰੂਆਂ ਦੀ ਕਾਰਜਭੂਮੀ ਹੈ। ਇਸ ਲਈ ਸੂਬਾ ਸਰਕਾਰ ਨੇ ਨਾਢਾ ਸਾਹਿਬ ਪੰਚਕੂਲਾ ਤੋਂ ਪਾਉਂਟਾ ਸਾਹਿਬ ਤੱਕ ਸੜਕ ਬਣਾਈ। ਆਉਣ ਵਾਲੇ ਸਮੇਂ ਵਿੱਚ ਸਰਕਾਰ ਗੁਰੂ ਸਾਹਿਬਾਨ ਦੀ ਵਿਰਾਸਤ ਨੂੰ ਸੰਭਾਲਣ ਲਈ ਕਈ ਵੱਡੇ ਫੈਸਲੇ ਲਵੇਗੀ। ਇਸੇ ਲੜੀ ਵਿੱਚ ਕੁਰੂਕਸ਼ੇਤਰ ਵਿੱਚ ਇੱਕ ਸਿੱਖ ਅਜਾਇਬ ਘਰ ਵੀ ਬਣਾਇਆ ਜਾ ਰਿਹਾ ਹੈ। ਦੁਨੀਆ ਭਰ ਤੋਂ ਲੋਕ ਇੱਥੇ ਇਸ ਨੂੰ ਦੇਖਣ ਲਈ ਆਉਣਗੇ।