ਗੁਰੂ ਅਰਜਨ ਦੇਵ ਦਾ ਸ਼ਹੀਦੀ ਪੁਰਬ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਖੰਨਾ/ਦੋਰਾਹਾ, 30 ਮਈ
ਇਥੋਂ ਦੇ ਲਲਹੇੜੀ ਰੋਡ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਵਿੱਚ ਗੁਰੂ ਅਰਜਨ ਦੇਵ ਦਾ ਸ਼ਹੀਦੀ ਗੁਰਪੁਰਬ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿੱਚ ਪਾਠਾਂ ਦੇ ਭੋਗ ਪਾਉਣ ਮਗਰੋਂ ਗੁਰੂ ਗ੍ਰੰਥ ਸਾਹਿਬ ਦੇ ਆਖੰਡ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੀ ਕਥਾ ਵਿਖਿਆਨ ਨਾਲ ਸੰਗਤਾ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ। ਪ੍ਰਧਾਨ ਕਰਮਜੀਤ ਸਿੰਘ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਇਤਿਹਾਸ ਨੂੰ ਸੰਭਾਲਣ ਲਈ ਉਤਸਾਹਿਤ ਕੀਤਾ। ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਇਸੇ ਤਰ੍ਹਾਂ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਗੁਰਦੁਆਰਾ ਹਰਿਕ੍ਰਿਸ਼ਨ ਸਾਹਿਬ, ਗੁਰਦੁਆਰਾ ਸੁੱਖ ਸਾਗਰ ਵਿਖੇ ਸ਼ਹੀਦੀ ਪੁਰਬ ਸਤਿਕਾਰ ਨਾਲ ਮਨਾਇਆ ਗਿਆ। ਇਸ ਤੋਂ ਇਲਾਵਾ ਦੋਰਾਹਾ ਦੇ ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਗੋਬਿੰਦ ਸਾਗਰ, ਗੁਰਦੁਆਰਾ ਸਤਨਾਮ ਨਗਰ ਅਤੇ ਗੁਰਦੁਆਰਾ ਕਟਾਣਾ ਸਾਹਿਬ ਵਿੱਚ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।