ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਗੁਰਬਖਸ਼ਪੁਰੀ
ਤਰਨ ਤਾਰਨ, 29 ਮਈ
ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਇੱਥੋਂ ਦੇ ਦਰਬਾਰ ਸਾਹਿਬ ਨੇੜਿਓਂ ਨਗਰ ਕੀਰਤਨ ਸਜਾਇਆ ਗਿਆ| ਇਲਾਕੇ ਭਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ ਦੀ ਹਾਜ਼ਰੀ ਵਿੱਚ ਨਗਰ ਕੀਰਤਨ ਨੂੰ ਸ੍ਰੀ ਗੁਰੂ ਅਰਜਨ ਦੇਵ ਸਰਾਂ ਤੋਂ ਰਵਾਨਾ ਕਰਨ ਮੌਕੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸੱਤਪਾਲ ਸਿੰਘ ਨੇ ਅਰਦਾਸ ਕੀਤੀ| ਗਰਮੀ ਹੋਣ ਦੇ ਬਾਵਜੂਦ ਨਗਰ ਕੀਰਤਨ ਵਿੱਚ ਤਰਨ ਤਾਰਨ ਸ਼ਹਿਰ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਦੀ ਸੰਗਤ ਨੇ ਹਾਜ਼ਰੀ ਭਰੀ| ਨਗਰ ਕੀਰਤਨ ਸ਼ਹਿਰ ਦੀਆਂ ਵੱਖ ਵੱਖ ਸੜਕਾਂ-ਬਾਜ਼ਾਰਾਂ ਤੋਂ ਦੀ ਹੁੰਦਾ ਹੋਇਆ ਦਰਬਾਰ ਸਾਹਿਬ ਦੇ ਲੰਗਰ ਹਾਲ ਨੇੜੇ ਸਮਾਪਤ ਹੋਇਆ| ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਲਈ ਥਾਂ ਥਾਂ ਤੇ ਲੰਗਰ ਦੇ ਪ੍ਰਬੰਧ ਕੀਤੇ ਹੋਏ ਸਨ| ਦਰਬਾਰ ਸਾਹਿਬ ਦੇ ਮੈਨੇਜਰ ਭਾਈ ਧਰਵਿੰਦਰ ਸਿੰਘ ਨੇ ਨਗਰ ਕੀਰਤਨ ਦਾ ਪ੍ਰਬੰਧ ਕਰਨ ਲਈ ਸੇਵਾਵਾਂ ਨਿਭਾਉਣ ਵਾਲਿਆਂ ਦਾ ਸਿਰੋਪੇ ਦੇ ਕੇ ਸਨਮਾਨ ਕੀਤਾ|