ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਜੋਗਿੰਦਰ ਸਿੰਘ ਮਾਨ
ਮਾਨਸਾ, 6 ਜਨਵਰੀ
ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹੜਾ ਗੁਰੂਦੁਆਰਾ ਸਿੰਘ ਸਭਾ ਮੈਨ ਬਜਾਰ ਮਾਨਸਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਜੇ ਧਾਰਮਿਕ ਦੀਵਾਨਾਂ ਵਿੱਚ ਪ੍ਰੰਥ ਦੇ ਪ੍ਰਸਿੱਧ ਰਾਗੀ ਕੁੁਲਵਿੰਦਰ ਸਿੰਘ ਸ੍ਰੀ ਤਖ਼ਤ ਦਮਦਮਾ ਸਾਹਿਬ ਨੇ ਇਲਾਹੀ ਬਾਣੀ ਦਾ ਕੀਰਤਨ ਕਰਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਰਸਤੇ ’ਤੇ ਚੱਲਣ ਦੀ ਅਪੀਲ ਕੀਤੀ। ਭਾਈ ਬੋਹੜ ਸਿੰਘ ਖੇੜਾ ਦੇ ਕਵੀਸ਼ਰੀ ਜਥੇ ਨੇ ਬਾਰਾਂ ਗਾ ਕੇ ਆਪਣੀ ਹਾਜਰੀ ਲਗਾਈ ਅਤੇ ਨਾਲ ਹੀ ਕਥਾ ਵਾਚਕ ਭਾਈ ਜੱਗ ਚੰਨਣ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ। ਇਸ ਸਮਾਗਮ ਵਿੱਚ ਖੂਨਦਾਨ ਕੈਂਪ ਵੀ ਲਗਾਇਆ ਗਿਆ।
ਕਾਲਾਂਵਾਲੀ (ਭੁਪਿੰਦਰ ਪੰਨੀਵਾਲੀਆ): ਇਥੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਝੋਰੜਰੋਹੀ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਚਿੱਤਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਨਾ ਸਿਰਫ਼ ਸ਼ਰਧਾ ਅਤੇ ਸੇਵਾ ਦਾ ਪ੍ਰਤੀਕ ਹੈ ਸਗੋਂ ਸਾਡੇ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਵੀ ਦਿੰਦਾ ਹੈ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਪਿੰਡ ਦੇ ਸਾਰੇ ਮੁਹੱਲਿਆਂ ਅਤੇ ਢਾਣੀਆਂ ਤੱਕ ਪਹੁੰਚਿਆ। ਇਸ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਨੇ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ। ਗੁਰੂ ਜੀ ਦੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਰਣਜੀਤ ਗਤਕਾ ਪਾਰਟੀ ਬਰਨਾਲਾ ਨੇ ਕਲਾ ਦੇ ਜੌਹਰ ਦਿਖਾਏ। ਕੀਰਤਨੀ ਜਥੇ ਬਾਬਾ ਬਲਵੀਰ ਸਿੰਘ ਨਥੇਹਾ ਵਾਲਿਆਂ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। 7 ਜਨਵਰੀ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ।
ਕੋਟਕਪੂਰਾ(ਬਲਵਿੰਦਰ ਸਿੰਘ ਹਾਲੀ): ਇਥੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੋਟਕਪੂਰਾ ਵਿਖੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਵੱਲੋਂ ਸਜਾਏ ਗਏ ਨਗਰ ਕੀਰਤਨ ਅੱਗੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਤਾਂ ਨਾਲ ਮਿਲ ਕੇ ਝਾੜੂ ਦੀ ਸੇਵਾ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਦਸਵੀਂ ਦੇ ਪ੍ਰਬੰਧਕਾਂ ਵੱਲੋਂ ਸਜਾਇਆ ਗਿਆ। ਇਸ ਦੌਰਾਨ ਸ੍ਰੀ ਸੰਧਵਾਂ ਨੇ ਕਿਹਾ ਕਿ ਸੇਵਾ ਕਰਕੇ ਉਨ੍ਹਾਂ ਨੂੰ ਅਲੌਕਿਕ ਸੁੱਖ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਉਨ੍ਹਾਂ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਹੈ।