ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਜੋਗਿੰਦਰ ਸਿੰਘ ਮਾਨ
ਮਾਨਸਾ, 4 ਜਨਵਰੀ
ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਮਾਨਸਾ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ’ਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਲੰਗਰ ਵੀ ਲਾਏ ਗਏ।
ਗੁਰਦੁਆਰਾ ਸਿੰਘ ਸਭਾ ਮਾਨਸਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਣ ਉਪਰੰਤ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਕੀਰਤਨ ਦੌਰਾਨ ਰਾਗੀ ਜਥੇ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਗਾਏ ਗਏ ਅਤੇ ਸ਼ਰਧਾਲੂਆਂ ਨੂੰ ਗੁਰੂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਆ ਗਿਆ ਹੈ।
ਸ਼ਹਿਣਾ (ਪੱਤਰ ਪ੍ਰੇਰਕ): ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਾਨ ਪੁਰਬ ਨੂੰ ਲੈਕੇ ਪਿੰਡ ਜਗਜੀਤਪੁਰਾ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਨੇ ਕੀਤੀ। ਰਾਗੀ ਕੁਲਦੀਪ ਸਿੰਘ ਝੱਬਰ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਬੀਬੀ ਸੁਖਪਾਲ ਕੌਰ ਬਡਬਰ ਵਾਲਿਆਂ ਦੇ ਢਾਡੀ ਜੱਥੇ, ਬੀਬੀ ਗਗਨਪ੍ਰੀਤ ਕੌਰ ਬਰਾੜ ਨੇ ਸਿੱਖ ਇਤਿਹਾਸ ਚੋਂ ਪ੍ਰਸੰਗ ਸੁਣਾਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਰਾਮ ਸਿੰਘ, ਬਲਵੀਰ ਸਿੰਘ, ਦਰਸ਼ਨ ਸਿੰਘ, ਰਘਵੀਰ ਸਿੰਘ ਧਾਲੀਵਾਲ, ਸੁਖਮੰਦਰ ਸਿੰਘ, ਸਰਪੰਚ ਪਰਦੀਪ ਕੌਰ, ਮੱਖਣ ਸਿੰਘ ਪੰਚ, ਮਿੱਠੂ ਸਿੰਘ, ਮਨਜਿੰਦਰ ਸਿੰਘ, ਸੁਖਾ ਸਿੰਘ ਨੰਬਰਦਾਰ ਅਤੇ ਗੁਰਦਿਆਲ ਸਿੰਘ ਫੌਜੀ ਆਦਿ ਹਾਜ਼ਰ ਸਨ।
ਗਿੱਦੜਬਾਹਾ (ਪੱਤਰ ਪ੍ਰੇਰਕ): ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਅੰਦਰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਅਤੇ ਗਲੀਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਰਤਿਆ।
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਮਾਗਮ ਅੱਜ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਣ ਨਾਲ ਆਰੰਭ ਹੋ ਗਏ ਹਨ।
ਸਮਾਗਮਾਂ ਦੀ ਆਰੰਭਿਕ ਅਰਦਾਸ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਕਾਰਜਕਾਰੀ ਜਥੇਦਾਰ ਭਾਈ ਜਗਤਾਰ ਸਿੰਘ ਨੇ ਕੀਤੀ। ਤਖ਼ਤ ਸਾਹਿਬ ਵਿਖੇ ਤਿੰਨ ਦਿਨ ਲਗਾਤਾਰ ਧਾਰਮਿਕ ਸਮਾਗਮ ਜਾਰੀ ਰਹਿਣਗੇ। ਦੂਜੇ ਪਾਸੇ ਅਵਤਾਰ ਪੁਰਬ ਨੂੰ ਲੈ ਕੇ ਤਖ਼ਤ ਸਾਹਿਬ ਸਮੇਤ ਇੱਥੋਂ ਦੇ ਹੋਰ ਗੁਰਦੁਆਰਿਆਂ ਨੂੰ ਰੰਗਦਾਰ ਰੌਸ਼ਨੀ ਤੇ ਫੁੱਲਪੱਤੀਆਂ ਨਾਲ ਸਜਾਇਆ ਗਿਆ ਹੈ। ਭਲਕੇ 5 ਜਨਵਰੀ ਨੂੰ ਇੱਥੇ ਸਜਾਏ ਜਾ ਰਹੇ ਅਲੌਕਿਕ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਨਗਰ ਕੀਰਤਨ ਦੇ ਰਸਤਿਆਂ ਵਿੱਚ ਸੰਗਤ ਵੱਲੋਂ ਸਵਾਗਤੀ ਗੇਟ ਲਾਏ ਗਏ ਹਨ ਤੇ ਸਾਫ ਸਫਾਈ ਕੀਤੀ ਜਾ ਰਹੀ ਹੈ।