ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਅਪਰੈਲ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਅੱਜ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਵੱਡੀ ਗਿਣਤੀ ਸਿੱਖ ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋਣ ਪੁੱਜੀ। ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਗੁਰੂ ਘਰ ਵਿੱਚ ਨਤਮਸਤਕ ਹੋਏ। ਇਸ ਦੌਰਾਨ ਸਾਰਾ ਦਿਨ ਸਿੱਖ ਸੰਗਤ ਦੀ ਭਾਰੀ ਆਮਦ ਰਹੀ।ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੰਗਤ ਦੀ ਭਾਰੀ ਆਮਦ ਨੂੰ ਦੇਖਦਿਆਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਗੁਰੂ ਰਾਮਦਾਸ ਲੰਗਰ ਘਰ ਵਿੱਚ ਵਿਸ਼ੇਸ਼ ਪਕਵਾਨ ਤਿਆਰ ਕੀਤੇ ਗਏ। ਇਸੇ ਤਰ੍ਹਾਂ ਸੰਗਤ ਵੱਲੋਂ ਵੀ ਥਾਂ-ਥਾਂ ’ਤੇ ਲੰਗਰ ਲਾਏ ਗਏ। ਉਨ੍ਹਾਂ ਦੱਸਿਆ ਕਿ ਰਾਤ ਵੇਲੇ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਦੀਪਮਾਲਾ ਕੀਤੀ ਗਈ ਅਤੇ ਰਹਿਰਾਸ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਵੀ ਚਲਾਈ ਗਈ। ਇਸ ਤਰ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਵੱਡੀ ਗਿਣਤੀ ਸੰਗਤ ਨੇ ਇਸ ਗੁਰਦੁਆਰੇ ਵਿੱਚ ਵੀ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸ਼ੁਰੂ
ਅੰਮ੍ਰਿਤਸਰ (ਟਨਸ): ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਕੋਲੋਂ ਸ਼ਤਾਬਦੀ ਨੂੰ ਸਮਰਪਿਤ ਹੁੰਦਿਆਂ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਪੂਰੀ ਦੁਨੀਆ ਅੰਦਰ ਮਾਰਗ ਦਰਸ਼ਕ ਵਜੋਂ ਜਾਣੇ ਜਾਂਦੇ ਹਨ ਅਤੇ ਭਾਰਤ ਸਰਕਾਰ ਦਾ ਫ਼ਰਜ਼ ਹੈ ਕਿ ਉਹ ਇਸ ਸ਼ਤਾਬਦੀ ਨੂੰ ਸਮਰਪਿਤ ਹੋ ਕੇ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਪਿਛਲੀ ਦਿੱਲੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਇਨ੍ਹਾਂ ਨੇ ਸਿੱਖ ਮਸਲਿਆਂ ਵਿਚ ਹਮੇਸ਼ਾ ਹੀ ਜਾਣ-ਬੁੱਝ ਕੇ ਦਖ਼ਲਅੰਦਾਜ਼ੀ ਕੀਤੀ ਹੈ ਪਰ ਇਹ ਕਦੀ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਨਹੀਂ ਰਹੇ। ਦਿੱਲੀ ਦੀ ‘ਆਪ’ ਸਰਕਾਰ ਦੇ ਦਸਤਖ਼ਤ ’ਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਹੋ ਸਕਦੀ ਹੈ ਪਰ ਇਹ ਹਮੇਸ਼ਾ ਹੀ ਸਿੱਖ ਵਿਰੋਧੀ ਭੂਮਿਕਾ ਵਿਚ ਨਜ਼ਰ ਆਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਤ ਨੂੰ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਇਸੇ ਸਾਲ ਨਵੰਬਰ ਮਹੀਨੇ ਵਿੱਚ ਆ ਰਹੇ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਕੇ ਆਪਣੇ ਨਿਤਨੇਮ ਤੋਂ ਇਲਾਵਾ ਰੋਜ਼ਾਨਾ ਜਪੁਜੀ ਸਾਹਿਬ ਦਾ ਪਾਠ ਕਰਨ।ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਅੰਮ੍ਰਿਤਸਰ (ਟਨਸ): ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਪਲੇਨਫੀਲਡ ਇੰਡੀਆਨਾ ’ਚ ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਛਾਉਣੀ ਦੇ ਇੰਚਾਰਜ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਨੇ ਸੰਗਤ ਨੂੰ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਬਾਬਾ ਕਸ਼ਮੀਰ ਸਿੰਘ ਗ੍ਰੰਥੀ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਬਾਣੀ ਬਾਰੇ ਸਾਂਝ ਪਾਈ। ਇਹ ਜਾਣਕਾਰੀ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਿੱਤੀ।