ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਉਣ ਬਾਰੇ ਮੀਟਿੰਗ
ਪਟਿਆਲਾ, 17 ਜੂਨ
ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ’ਚ ਜੁਲਾਈ ਦੇ ਪਹਿਲੇ ਹਫ਼ਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਅੱਜ ਗੁਰਦੁਆਰਾ ਦੂਖਨਿਵਾਰਨ ਸਾਹਿਬ ’ਚ ਸ਼ਤਾਬਦੀ ਸਬ-ਕਮੇਟੀ ਦੀ ਇਕੱਤਰਤਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ’ਚ ਹੋਈ ਅਤੇ ਇਕੱਤਰਤਾ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ’ਚ 6 ਜੁਲਾਈ ਨੂੰ ਮਹਾਨ ਗੁਰਮਤਿ ਸਮਾਗਮ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਸੁਖਦੇਵ ਸਿੰਘ ਹੋਰਨਾਂ ਦੱਸਿਆ ਕਿ ਸਮਾਗਮ ਦੀ ਸਫਲਤਾ ਲਈ ਪ੍ਰਚਾਰਕ ਸਾਹਿਬਾਨ ਦੀਆਂ ਡਿਊਟੀਆਂ ਤੈਅ ਕੀਤੀਆਂ ਜਾਣਗੀਆਂ, ਜੋ ਵੱਖ ਵੱਖ ਪਿੰਡਾਂ ਵਿਚ ਪਹੁੰਚ ਕਰਕੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਲਿਆਉਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜ ਜੁਲਾਈ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਮੀਟਿੰਗ ਵਿੱਚ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਫੁਲਾ ਸਿੰਘ ਤੇ ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ ਆਦਿ ਹਾਜ਼ਰ ਸਨ।