ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ
ਬੀ.ਐਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ, 24 ਮਾਰਚ
ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਤਾਬਦੀ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਇਕੱਤਰਤਾ ਹੋਈ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਮੌਕੇ 18 ਅਪਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਹੋਵੇਗੀ। ਇਸ ਮਗਰੋਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਇਤਿਹਾਸਕ ਅਸਥਾਨਾਂ ਜਿਵੇਂ ਕਿ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ, ਗੁਰਦੁਆਰਾ ਮੋਤੀ ਬਾਗ ਪਟਿਆਲਾ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸੀਸ ਗੰਜ ਸਾਹਿਬ (ਦਿੱਲੀ) ਸਣੇ ਦੇਸ਼ ਦੇ ਹੋਰ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਕੀਤੇ ਜਾਣਗੇ। ਸ੍ਰੀ ਮੰਨਣ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਮੁੱਖ ਸਮਾਗਮ 21 ਨਵੰਬਰ ਤੋਂ 29 ਨਵੰਬਰ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣਗੇ। ਇਸ ਦੌਰਾਨ 21 ਤੋਂ 23 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਦੇ ਗੁਰਤਾਗੱਦੀ ਦਿਵਸ ਸਬੰਧੀ ਸਮਾਗਮ ਹੋਵੇਗਾ ਅਤੇ 24 ਤੋਂ 29 ਨਵੰਬਰ ਤੱਕ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ, ਮਟਨ ਜੰਮੂ ਕਸ਼ਮੀਰ ਅਤੇ ਦਿੱਲੀ ਸਣੇ ਹੋਰ ਥਾਵਾਂ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਏ ਜਾਣਗੇ। ਮੀਟਿੰਗ ਵਿਚ ਸੰਗਤਾਂ ਨੂੰ ਗੁਰੂ ਸਾਹਿਬ ਦੇ ਸੰਦੇਸ਼ ਨਾਲ ਜੋੜਨ ਲਈ ਸੈਮੀਨਾਰ, ਪ੍ਰਦਰਸ਼ਨੀਆਂ ਅਤੇ ਨੌਜਵਾਨਾਂ ਲਈ ਗੁਰਮਤਿ ਸਿੱਖਿਆ ਕੈਂਪ ਲਾਉਣ ਬਾਰੇ ਵਿਚਾਰ ਕੀਤਾ ਗਿਆ। ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਢ, ਭਾਈ ਰਾਮ ਸਿੰਘ, ਭਾਈ ਗੁਰਬਖਸ਼ ਸਿੰਘ ਖਾਲਸਾ ਆਦਿ ਹਾਜਰ ਸਨ।