ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਅਪਰੈਲ
ਸ੍ਰੀ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਦੀ ਦੇਖ-ਰੇਖ ਹੇਠਾਂ ਸਜਾਏ ਗਏ ਨਗਰ ਕੀਰਤਨ ਦਾ ਆਰੰਭ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕਰਨ ਨਾਲ ਹੋਇਆ। ਇਸ ਤੋਂ ਪਹਿਲਾਂ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਅਰਦਾਸ ਵੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੇਅਰ ਅਮਰਿੰਦਰ ਬਜਾਜ, ਸ਼੍ਰੋਮਣੀ ਕਮੇਟੀ ਮੈਂਬਰ ਹਰਦੀਪ ਕੌਰ ਖੋਖ, ਯੂਥ ਆਗੂੂ ਜਗਮੀਤ ਸਿੰਘ ਹਰਿਆਊ, ਭਾਈ ਗੁਰਦੀਪ ਸਿੰਘ ਕਾਲੀਕੰਬਲੀਵਾਲੇ, ਬਾਬਾ ਕਿਰਨਬੀਰ ਸਿੰਘ ਬੇਦੀ, ਬਲਤੇਜ ਸਿੰਘ ਖੋਖ ਤੇ ਹਰਮਿੰਦਰਪਾਲ ਸਿੰਘ ਵਿੰਟੀ ਆਦਿ ਵੀ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਦੌਰਾਨ ਗਤਕਾ ਪਾਰਟੀਆਂ ਗਤਕੇ ਦੇ ਜੌਹਰ ਦਿਖਾਏ ਤੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਮੌਕੇ ਪ੍ਰੋਂ. ਕਿਰਪਾਲ ਸਿੰਘ ਬਡੂੰਗਰ ਤੇ ਸੁਰਜੀਤ ਸਿੰਘ ਗੜ੍ਹੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ। ਪ੍ਰੋ .ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਆਪਣੀ ਰਚਿਤ ਬਾਣੀ ਰਾਹੀਂ ਸਮੁੱਚੀ ਮਾਨਵਤਾ ਦਾ ਕਲਿਆਣ ਕੀਤਾ, ਉਥੇ ਹੀ ਗੁਰੂ ਸਾਹਿਬ ਨੇ ਸਮੁੱਚੀ ਲੁਕਾਈ ਨੂੰ ਆਪਣੇ ਧਰਮ ਅਤੇ ਅਕੀਦੇ ਵਿਚ ਦ੍ਰਿੜ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਮੈਨੇਜਰ ਨਿਸ਼ਾਨ ਸਿੰਘ ਜ਼ੱਫਰਵਾਲ ਨੇ ਪੁੱਜੇ ਸ਼ਬਦੀ ਜਥਿਆਂ, ਸਿੱਖ ਸਭਾਵਾਂ ਸੁਸਾਇਟੀਆਂ ਦੇ ਅਹੁਦੇਦਾਰ ਤੇ ਨੁਮਾਇੰਦਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਸਾਹਿਬ ਨੂੰ ਸਮਰਪਿਤ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ ਵੱਖ ਚੌਕਾਂ ਵਿਚ ਸੰਗਤਾਂ ਵੱਲੋਂ ਨਿੱਘਾ ਸਵਾਗਤ ਵੀ ਕੀਤਾ ਗਿਆ। ਮੈਨੇਜਰ ਨੇ ਦੱਸਿਆ ਕਿ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਤੱਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਚੇਅਰਮੈਨ ਲਖਵੀਰ ਲੌਟ, ਭਵਨਪੁਨੀਤ ਸਿੰਘ, ਸੁਖਮਨ ਸਿੱਧੂ, ਬਲਵਿੰਦਰ ਦੌਣ, ਹਰਮਿੰਦਰਪਾਲ ਸਿੰਘ ਵਿੰਟੀ ਤੇ ਕੁਲਦੀਪ ਸਿੰਘ ਖਾਲਸਾ ਆਦਿ ਮੌਜੂਦ ਸਨ।