ਗੁਰੂ ਨਾਨਕ ਨੈਸ਼ਨਲ ਕਾਲਜ ਵੱਲੋਂ ਜਾਗਰੂਕਤਾ ਰੈਲੀ
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਚੱਲ ਰਹੇ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦੇ ਦੂਜੇ ਦਿਨ ਸੀਆਈਆਈ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਾਲੰਟੀਅਰਾਂ ਨੇ ਸਵੱਛਤਾ ਹੀ ਸੇਵਾ, ਵਾਤਾਵਰਨ ਅਤੇ ਸਿਹਤ ਤੇ ਸੁਰੱਖਿਆ ਥੀਮ ਤਹਿਤ ਜਾਗਰੂਕਤਾ ਰੈਲੀ ਕੱਢੀ ਜਿਸ ਨੂੰ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਨੇੜਲੇ ਪਿੰਡ ਰਾਜਗੜ੍ਹ ਵਿੱਚ ਪਿੰਡ ਵਾਸੀਆਂ ਨੂੰ ਸਿਹਤਮੰਦ ਜੀਵਨ ਜਾਚ ਅਪਣਾਉਣ, ਆਲਾ-ਦੁਆਲਾ ਸਾਫ਼ ਰੱਖਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਆ।
ਇਸ ਦੌਰਾਨ ਹਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਗਰੂਕ ਕੀਤਾ ਅਤੇ ਵਾਲੰਟੀਅਰਾਂ ਨੇ ਨੁੱਕੜ ਨਾਟਕ ਪੇਸ਼ ਕਰਕੇ ਕਿਸਾਨਾਂ ਨੂੰ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ। ਵਾਲੰਟੀਅਰਾਂ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਸਫ਼ਾਈ ਕੀਤੀ ਤੇ ਸਕੂਲ ਮੁਖੀ ਦੇਵੀ ਦਿਆਲ ਸਿੰਘ ਨੇ ਵਾਲੰਟੀਅਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਡਾ. ਲਵਲੀਨ ਬੈਂਸ, ਅਮਨਦੀਪ ਕੌਰ ਚੀਮਾ, ਡਾ.ਗੁਰਪ੍ਰੀਤ ਸਿੰਘ, ਪ੍ਰੋ.ਰਮਨਦੀਪ ਕੌਰ, ਹਰਦੀਪ ਕੌਰ, ਜਰਨੈਲ ਸਿੰਘ, ਪਰਮਜੀਤ ਸਿੰਘ, ਕਰਮਜੀਤ ਸਿੰਘ, ਗੁਰਪ੍ਰੀਤ ਕੌਰ, ਦਵਿੰਦਰ ਸਿੰਘ, ਜਗਤਾਰ ਸਿੰਘ ਢਿੱਲੋਂ, ਸ਼ੈਟੀ ਢਿੱਲੋਂ, ਕੇਵਲ ਸਿੰਘ, ਤਰਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਵੀ ਸਹਿਯੋਗ ਦਿੱਤਾ।