ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਿਆਂ ਵਿੱਚ ਗੁਰਮਤਿ ਸਮਾਗਮ ਹੋਏ। ਇਨ੍ਹਾਂ ਵਿਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਗੁਰੂ ਨਾਲ ਜੋੜਿਆ। ਮੁੱਖ ਸਮਾਗਮ ਗੁਰਦੁਆਰਾ ਮਜਨੂੰ ਕਾ ਟਿੱਲਾ ਵਿੱਚ ਹੋਇਆ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਲੱਖ-ਲੱਖ ਵਧਾਈ ਅਤੇ ਸੰਗਤਾਂ ਨੂੰ ਗੁਰਸਿੱਖੀ ਜੀਵਨ ਜਾਚ ਨਾਲ ਜੁੜਨ ਲਈ ਪ੍ਰੇਰਿਆ। ਬਾਲਾ ਸਾਹਿਬ ਹਸਪਤਾਲ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਰੋਨਾ ਕਾਲ ਵਿਚ ਬਾਲਾ ਜੀ ਹਸਪਤਾਲ ਦਾ ਪਹਿਲਾ ਫੇਜ਼ ਸ਼ੁਰੂ ਕੀਤਾ ਸੀ ਜਦੋਂ ਮੁਫਤ ਡਾਇਲਸਿਸ ਦੀ ਸਹੂਲਤ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ 13 ਜੂਨ ਨੂੰ ਦੂਜੇ ਪੜਾਅ ਤਹਿਤ ਪੂਰੇ ਹਸਪਤਾਲ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ।
ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ
ਨਾਰਾਇਣਗੜ੍ਹ (ਪੱਤਰ ਪ੍ਰੇਰਕ): ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਇਥੇ ਮੁਹੱਲਾ ਪਠਾਣਾਂ ਵਾਲਾ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਮਨਾਇਆ ਗਿਆ। ਗੁਰਦੁਆਰੇ ਦੇ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਕਮੇਟੀ ਦੇ ਸਕੱਤਰ ਨੇ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।