ਗੁਲਜ਼ਾਰ ਕਾਲਜ ’ਚ ਨਸ਼ਾ ਮੁਕਤੀ ਦਿਵਸ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਖੰਨਾ, 7 ਜੂਨ
ਇਥੋਂ ਦੇ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟਸ ਵਿੱਚ ਅੱਜ ਵਿਦਿਆਰਥੀਆਂ ਨੇ ਨਸ਼ਾ ਮੁਕਤੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਕੈਂਪ ਤੇ ਰੈਲੀ ਕੀਤੀ ਜਿਸ ਵਿਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਤੰਬਾਕੂ ਤੇ ਹੋਰ ਨਸ਼ੀਲੇ ਪਦਾਰਥ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਵੱਖ ਵੱਖ ਤਰ੍ਹਾਂ ਦੇ ਪੋਸਟਰ ਬਣਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾਇਰੈਕਟਰ ਗੁਰਕੀਰਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਬਹੁਤ ਜ਼ਰੂਰੀ ਹਨ ਸਾਨੂੰ ਸਮਾਜ ਦੀ ਭਲਾਈ ਲਈ ਨੌਜਵਾਨਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਨੂੰ ਹੌਂਸਲਾ ਦੇਣਾ ਚਾਹੀਦਾ ਹੈ। ਚੇਅਰਮੈਨ ਗੁਰਸ਼ਰਨ ਸਿੰਘ ਨੇ ਵਿਦਿਆਰਥੀਆਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਵਿਚ ਜਾਗਰੂਕਤਾ ਫੈਲਾਉਣਾ ਹੀ ਨਸ਼ਾ ਮੁਕਤੀ ਵੱਲ ਪਹਿਲਾ ਕਦਮ ਹੈ ਕਿਉਂਕਿ ਨਸ਼ਾ ਜਿੱਥੇ ਇਕ ਵਿਅਕਤੀ ਦੀ ਜ਼ਿੰਦਗੀ ਖਰਾਬ ਕਰਦਾ ਹੈ ਉੱਥੇ ਹੀ ਉਸਦੇ ਪਰਿਵਾਰਕ ਮੈਬਰਾਂ ਦੇ ਵੀ ਇਸਦੇ ਮਾੜੇ ਪ੍ਰਭਾਵ ਪੈਂਦੇ ਹਨ। ਅੰਤ ਵਿੱਚ ਵਿਦਿਆਰਥੀਆਂ ਨੇ ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ।