ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੰਘਰਸ਼ ਦੇ ਰੌਂਅ ’ਚ
ਪੱਤਰ ਪ੍ਰੇਰਕ
ਜ਼ੀਰਾ, 6 ਜਨਵਰੀ
ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਸੰਯੁਕਤ ਫਰੰਟ ਦੀ ਅਗਵਾਈ ’ਚ ਮੰਗਾਂ ਨੂੰ ਲੈ ਰੋਸ ਧਰਨਾ ਦਿੱਤਾ ਜਾਵੇਗਾ। ਗੈਸਟ ਫੈਕਲਟੀ ਸੰਯੁਕਤ ਫਰੰਟ ਦੇ ਆਗੂਆਂ ਨੇ ਉਚੇਰੀ ਸਿੱਖਿਆ ਮੰਤਰੀ ਕੋਲੋਂ 8 ਜਨਵਰੀ ਤੱਕ ਪੈਨਲ ਮੀਟਿੰਗ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਅਕਤੂਬਰ 2024 ’ਚ ਉਨ੍ਹਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਨੇ 15-20 ਦਿਨਾਂ ਦੇ ਵਿੱਚ ਗੈਸਟ ਫੈਕਲਟੀ ਪ੍ਰੋਫੈਸਰਾਂ ਦੀਆਂ ਨੌਕਰੀਆਂ ਨਿਯਮਤ ਕਰਨ ਲਈ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਸੀ, ਪਰ ਹੁਣ ਤਿੰਨ ਮਹੀਨੇ ਬੀਤ ਜਾਣ ’ਤੇ ਵੀ ਉਚੇਰੀ ਸਿੱਖਿਆ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਜਾਰੀ ਕੀਤੇ ਪੱਤਰਾਂ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਨੂੰ ਖਾਲੀ ਹੀ ਦਰਸਾਇਆ ਜਾ ਰਿਹਾ ਤੇ ਉਨ੍ਹਾਂ ਦੀਆਂ ਅਸਾਮੀਆਂ ’ਤੇ ਬਦਲੀਆਂ ਅਤੇ ਨਵੀਆਂ ਜੁਆਇਨਿੰਗਜ਼ ਕਰਾਈਆਂ ਜਾ ਰਹੀਆਂ ਹਨ, ਜਿਸ ਕਾਰਨ ਸਹਾਇਕ ਪ੍ਰੋਫੈਸਰਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, ‘‘ਅਸੀਂ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਹੋਰ ਮੰਤਰੀਆਂ ਤੇ ਵਿਧਾਇਕਾਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਾਂ ਪਰ, ਅਜੇ ਤੱਕ ਸਾਡੀ ਸੁਣਵਾਈ ਨਹੀਂ ਹੋਈ ਸਗੋਂ ਲਾਰੇ ਹੀ ਮਿਲੇ ਹਨ।’’ ਆਗੂਆਂ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਜੇ 8 ਜਨਵਰੀ ਤੱਕ ਪੈਨਲ ਮੀਟਿੰਗ ਨਹੀਂ ਹੁੰਦੀ ਤਾਂ ਉਹ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਇੱਕ ਰੋਜ਼ਾ ਧਰਨਾ ਦੇਣ ਲਈ ਮਜਬੂਰ ਹੋਣਗੇ। ਇਸ ਮੌਕੇ ਪ੍ਰੋਫੈਸਰ ਸਤਵਿੰਦਰਪਾਲ ਸਿੰਘ, ਪਵਿੱਤਰ ਸਿੰਘ, ਗੁਰਵਿੰਦਰ ਸਿੰਘ, ਵੇਦ ਪ੍ਰਕਾਸ਼ ਹਾਜ਼ਰ ਸਨ।