ਗੋਇੰਦਵਾਲ ਸਾਹਿਬ ਵਿੱਚ ਦਰਜਨ ਤੋਂ ਵੱਧ ਪਰਿਵਾਰ ਦੇਸੀ ਸ਼ਰਾਬ ਦੇ ਧੰਦੇ ਨਾਲ ਜੁੜੇ
ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 16 ਮਈ
ਹਲਕਾ ਮਜੀਠਾ ਦੇ ਪਿੰਡਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਦੋ ਦਰਜਨ ਤੋਂ ਵੱਧ ਮੌਤਾਂ ਨੇ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਮੁੜ ਸੁਰਖ਼ੀਆਂ ਵਿੱਚ ਲਿਆਂਦਾ ਹੈ। ਹਲਕਾ ਖਡੂਰ ਸਾਹਿਬ ਦੇ ਕਈ ਪਿੰਡਾਂ ’ਚ ਅੱਜ ਵੀ ਕਥਿਤ ਨਾਜਾਇਜ਼ ਸ਼ਰਾਬ ਕੱਢ ਕੇ ਵੇਚੀ ਜਾ ਰਹੀ ਹੈ। ਜ਼ਿਲ੍ਹੇ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੀ ਨਸ਼ਿਆਂ ਲਈ ਬਦਨਾਮ ਨਿੰਮ ਵਾਲੀ ਘਾਟੀ ਦੇ ਮੁਹੱਲੇ ਵਿਚ ਪਿਛਲੇ ਲੰਮੇ ਸਮੇਂ ਤੋਂ ਦਰਜਨ ਦੇ ਕਰੀਬ ਘਰ ਦੇਸੀ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ। ਇਨ੍ਹਾਂ ਖਿਲਾਫ਼ ਆਬਕਾਰੀ ਐਕਟ ਤਹਿਤ ਦਰਜ ਕੇਸਾਂ ਤੋਂ ਇਸ ਦੀ ਪੁਸ਼ਟੀ ਹੋਈ ਹੈ। ਇਸ ਮੁਹੱਲੇ ਵਿਚ ਸ਼ਾਮ ਢੱਲਦਿਆ ਹੀ ਦੇਸੀ ਸ਼ਰਾਬ ਵੇਚਣ ਦਾ ਬਾਜ਼ਾਰ ਸੱਜ ਜਾਂਦਾ ਹੈ। ਸੂਤਰਾਂ ਅਨੁਸਾਰ ਗੋਇੰਦਵਾਲ ਸਾਹਿਬ ਦੇ ਨਾਲ ਲੱਗਦੇ ਕਈ ਪਿੰਡਾਂ ਵਿਚ ਸਿਆਸੀ ਅਸਰ-ਰਸੂਖ਼ ਰੱਖਣ ਵਾਲੇ ਕੁਝ ਵਿਅਕਤੀ ਵੀ ਨਾਜਾਇਜ਼ ਸ਼ਰਾਬ ਦੇ ਧੰਦੇ ਨਾਲ ਜੁੜੇ ਹੋਏ ਹਨ। ਕਾਨੂੰਨ ਦੇ ਇਨ੍ਹਾਂ ਤੱਕ ਹੱਥ ਨਹੀਂ ਪਹੁੰਚ ਰਹੇ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਦੋਸ਼ ਲਾਇਆ ਕਿ ਮਜੀਠਾ ਵਿਚ ਜ਼ਹਿਰੀਲੀ ਸ਼ਰਾਬ ਕਾਂਡ ਮਗਰੋਂ ਛਾਪੇਮਾਰੀ ਸਿਰਫ਼ ਖਾਨਾਪੂਰਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਪਿੰਡ-ਪਿੰਡ ਵਿੱਚ ਅਲਕੋਹਲ ਤੋਂ ਨਕਲੀ ਸ਼ਰਾਬ ਤਿਆਰ ਕਰਨ ਦਾ ਮਾਫੀਆ ਸਰਗਰਮ ਹੈ। ਸਿਆਸੀ ਦਬਾਅ ਕਾਰਨ ਪੁਲੀਸ ਪ੍ਰਸ਼ਾਸਨ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ਵਿੱਚ ਵੱਡੇ ਸ਼ਰਾਬ ਤਸਕਰ ਅਜੇ ਵੀ ਪੁਲੀਸ ਦੀ ਪਕੜ ਤੋਂ ਬਾਹਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਮਜੀਠਾ ਸ਼ਰਾਬ ਕਾਂਡ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ।
ਦੇਸੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ: ਐੱਸਪੀਡੀ
ਐਸਪੀ(ਡੀ) ਅਜੈਰਾਜ ਸਿੰਘ ਨੇ ਕਿਹਾ ਕਿ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡਾਂ ਵਿਚ ਦੇਸੀ ਸ਼ਰਾਬ ਵੇਚਣ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਪਹਿਲਾਂ ਹੀ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਜੇਕਰ ਇਹ ਲੋਕ ਅਜਿਹੀਆਂ ਹਰਕਤਾਂ ਤੋਂ ਬਾਜ਼ ਨਹੀਂ ਆਏ ਤਾਂ ਡੀਐੱਸਪੀ ਤੋਂ ਇਲਾਵਾ ਥਾਣਾ ਮੁਖੀ ਪ੍ਰਭਜੀਤ ਸਿੰਘ ਕੋਲੋਂ ਗੰਭੀਰਤਾ ਨਾਲ ਰਿਪੋਰਟ ਲਈ ਜਾਵੇਗੀ। ਸ਼ਰਾਬ ਦੇ ਨਾਜਾਇਜ਼ ਕਾਰੋਬਾਰੀਆਂ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਬਖਸ਼ਿਆ ਨਹੀਂ ਜਾਵੇਗਾ।