ਹਰਦੀਪ ਸਿੰਘ ਸੋਢੀਧੂਰੀ, 1 ਜਨਵਰੀਸਾਬਕਾ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਡੀਸੀ ਦਫ਼ਤਰ ਸੰਗਰੂਰ ਅੱਗੇ ਆਪਣੀਆਂ ਮੰਗਾਂ ਮੰਨਵਾਉਣ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਮਰਨ ਵਰਤ ’ਤੇ ਬੈਠੇ ਜਥੇਬੰਦੀ ਦੇ ਆਗੂ ਜੋਨੀ ਸਿੰਗਲਾ ਨਾਲ ਮੁਲਾਕਾਤ ਕੀਤੀ। ਧੂਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ। ਜ਼ਿਕਰਯੋਗ ਹੈ ਕਿ ਕੰਪਿਊਟਰ ਅਧਿਆਪਕ 2011 ਵਿੱਚ ਪੰਜਾਬ ਸਰਕਾਰ ਵੱਲੋਂ ਰਾਜਪਾਲ ਦੀ ਪ੍ਰਵਾਨਗੀ ਨਾਲ ਜਾਰੀ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰ ਲਾਗੂ ਕਰਨ, 6ਵੇਂ ਪੇਅ ਕਮਿਸ਼ਨ ਦਾ ਲਾਭ ਦੇਣ, ਫੌਤ ਹੋ ਚੁੱਕੇ ਕੰਪਿਊਟਰ ਅਧਿਆਪਕਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣ ਅਤੇ ਹੋਰਨਾਂ ਕਰਮਚਾਰੀਆਂ ਵਾਂਗ ਕੰਪਿਊਟਰ ਅਧਿਆਪਕਾਂ ਨੂੰ ਬਣਦੇ ਲਾਭ ਦੇਣ ਸਣੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ’ਤੇ ਡਟੇ ਹੋਏ ਹਨ। ਕੁੱਝ ਦਿਨ ਪਹਿਲਾਂ ਹੀ ਜਥੇਬੰਦੀ ਦੇ ਆਗੂ ਜੋਨੀ ਸਿੰਗਲਾ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ‘ਆਪ’ ਦੀ ਸਰਕਾਰ ਪੰਜਾਬ ਦੇ ਲੋਕਾਂ, ਮੁਲਾਜ਼ਮ, ਵਪਾਰੀਆਂ, ਬੇਰੁਜ਼ਗਾਰਾਂ ਹੋਰ ਵਰਗ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ ਜਿਸ ਕਾਰਨ ਹਰ ਵਰਗ ਪੰਜਾਬ ਸਰਕਾਰ ਤੋਂ ਨਾਖ਼ੁਸ਼ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਇੰਦਰਪਾਲ ਸਿੰਘ ਗੋਲਡੀ, ਕੌਂਸਲਰ ਮਹਾਂਵੀਰ ਸਿੰਘ ਤੇ ਸਾਬਕਾ ਪ੍ਰਧਾਨ ਵੀਰਪਾਲ ਸਿੰਘ ਕਾਕਾ ਤੂਰ ਵੀ ਹਾਜ਼ਰ ਸਨ।