ਗੋਲਬੰਦੀ ’ਚ ਅਮਰੀਕੀ ਦਖ਼ਲ ਬਾਰੇ ਸਥਿਤੀ ਸਪੱਸ਼ਟ ਕਰੇ ਸਰਕਾਰ: ਸਿਸੋਦੀਆ
ਆਤਿਸ਼ ਗੁਪਤਾ
ਚੰਡੀਗੜ੍ਹ, 13 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਅਮਰੀਕਾ ਦੇ ਦਖ਼ਲ ’ਤੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਮਰੀਕਾ ਅੱਗੇ ਝੁਕਣ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਪਹਿਲਗਾਮ ਵਿੱਚ 26 ਸੈਲਾਨੀਆਂ ਦੀ ਹੱਤਿਆ ਕਾਰਨ ਦੇਸ਼ਵਾਸੀਆਂ ਦੇ ਮਨਾਂ ਵਿੱਚ ਬਹੁਤ ਗੁੱਸਾ ਅਤੇ ਨਾਰਾਜ਼ਗੀ ਸੀ। ਭਾਰਤ ਨੇ ‘ਅਪਰੇਸ਼ਨ ਸਿੰਧੂਰ’ ਤਹਿਤ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ’ਚ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਤੇ ਪਾਕਿਸਤਾਨ ਦੀ ਜਵਾਬੀ ਕਾਰਵਾਈ ਦਾ ਡਟ ਕੇ ਸਾਹਮਣਾ ਕੀਤਾ ਤੇ ਗੁਆਂਢੀ ਮੁਲਕ ਦੇ ਪੈਰ ਨਹੀਂ ਲੱਗਣ ਦਿੱਤੇ। ਇਸ ਦੇ ਬਾਵਜੂਦ ਭਾਰਤ ਵੱਲੋਂ ਗੋਲੀਬੰਦੀ ਕਿਉਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਸਿਸੋਦੀਆ ਨੇ ਕਿਹਾ ਕਿ ਅੱਜ ਤੱਕ ਭਾਰਤ ਦੇਸ਼ ਕਦੇ ਵੀ ਅਮਰੀਕਾ ਅੱਗੇ ਝੁਕਿਆ ਨਹੀਂ ਪਰ ਇਸ ਵਾਰ ਭਾਰਤ-ਪਾਕਿਸਤਾਨ ਵਿਚਕਾਰ ਤਕਰਾਰ ਦੌਰਾਨ ਅਮਰੀਕਾ ਦੇ ਦਖ਼ਲ ਨੇ ਭਾਰਤੀਆਂ ਦਾ ਸਿਰ ਨੀਵਾਂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਭਾਰਤੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰਨ ਦੇਣੀ ਚਾਹੀਦੀ। ਇਸ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ‘ਆਪ’ ਪੰਜਾਬ ਦੇ ਇੰਚਾਰਜ ਨੇ ਕਿਹਾ ਕਿ ਗੋਲੀਬੰਦੀ ਤੋਂ ਬਾਅਦ ਅਤਿਵਾਦੀ ਹਮਲੇ ਵਿੱਚ ਮਾਰੇ ਸੈਲਾਨੀਆਂ ਨੂੰ ਜਵਾਬ ਕਿਸ ਤਰ੍ਹਾਂ ਦਿੱਤਾ ਜਾਵੇਗਾ। ਇਸ ਬਾਰੇ ਵੀ ਮੋਦੀ ਸਥਿਤੀ ਸਪੱਸ਼ਟ ਕਰਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਾਕਿਸਤਾਨ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੇ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹਮਲਾ ਕਰਨ ਸਮੇਂ ਉਨ੍ਹਾਂ ਦੀ ਮੁਆਫ਼ੀ ਦੀ ਗੁਹਾਰ ਨੂੰ ਨਜ਼ਰਅੰਦਾਜ ਕੀਤਾ ਹੈ ਤਾਂ ਕੇਂਦਰ ਸਰਕਾਰ ਨੂੰ ਪਾਕਿਸਤਾਨ ਦੀ ਮੁਆਫ਼ੀ ਵੱਲ ਕੋਈ ਧਿਆਨ ਨਹੀਂ ਦੇਣਾ ਚਾਹੀਦਾ ਸੀ। ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਦਾ ਮੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਸੀ।