ਗੜਗੱਜ ਵੱਲੋਂ ਉੱਤਰਾਖੰਡ ਦੇ ਪਿੰਡਾਂ ਵਿੱਚ ਧਰਮ ਪ੍ਰਚਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਜੂਨ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ‘ਖੁਆਰ ਹੋਏ ਸਭ ਮਿਲੈਂਗੇ’ ਤਹਿਤ ਉਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਪਿੰਡ ਦੀਨਾਰਪੁਰ ਦੇ ਗੁਰਦੁਆਰਾ ਸਿੰਘ ਸਭਾ ਅਤੇ ਪਿੰਡ ਟੀਰਾ ਔਰੰਗਾਬਾਦ ਵਿੱਚ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਸਬੰਧ ਵਿੱਚ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਰਦੁਆਰਾ ਸਿੰਘ ਸਭਾ ਵਿੱਚ ਸਮਾਗਮ ਦੌਰਾਨ ਇਲਾਕੇ ਦੀ ਸਿੱਖ ਸੰਗਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਈ। ਇੱਥੇ ਕਾਰਜਕਾਰੀ ਜਥੇਦਾਰ ਗੜਗੱਜ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਸਾਬਤ ਸੂਰਤ ਹੋਣ ਅਤੇ ਸਿੱਖੀ ਵਿੱਚ ਪਰਪੱਕ ਹੋਣ ਦਾ ਪ੍ਰਣ ਕਰਵਾਇਆ। ਪਿੰਡ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸਾਬਤ ਸੂਰਤ ਸਨ। ਇਸ ਦੌਰਾਨ ਕੁਝ ਸਿੱਖਾਂ ਵਿੱਚ ਪਤਿਤਪੁਣੇ ਦਾ ਰੁਝਾਨ ਦੇਖ ਕੇ ਗੜਗੱਜ ਨੇ ਦੁੱਖ ਪ੍ਰਗਟਾਇਆ ਅਤੇ ਕਿਹਾ ਕਿ ਸਮੁੱਚੀ ਸੰਗਤ ਅੰਮ੍ਰਿਤਧਾਰੀ ਹੋਵੇ, ਗੁਰੂ ਵਾਲੀ ਬਣੇ। ਉਨ੍ਹਾਂ ਇਲਾਕੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਅਤੇ ਸਿੱਖੀ ਵੱਲ ਪ੍ਰੇਰਨ। ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਅਤੇ ਅਕਾਲ ਤਖ਼ਤ ਦੀ ਸਰਵਉਚਤਾ ਨੂੰ ਸਮਰਪਿਤ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਅਜਿਹੇ ਸਿੱਖ ਵਸੇ ਹੋਏ ਹਨ ਜੋ ਦੇਸ਼ ਵੰਡ ਵੇਲੇ ਲਹਿੰਦੇ ਪੰਜਾਬ ਤੋਂ ਉੱਜੜ ਕੇ ਇਸ ਖੇਤਰ ਵਿੱਚ ਆਏ ਸਨ। ਉਨ੍ਹਾਂ ਇੱਥੇ ਸਖ਼ਤ ਮਿਹਨਤ ਕਰਕੇ ਆਪਣੇ ਵਸੀਲੇ ਕਾਇਮ ਕੀਤੇ ਅਤੇ ਸਿੱਖੀ ਨਾਲ ਜੁੜੇ ਹੋਏ ਹਨ। ਇਲਾਕੇ ਵਿੱਚ ਸਿੱਖੀ ਦੀ ਚੜ੍ਹਦੀ ਕਲਾ ਹੈ।