ਗੰਦੇ ਪਾਣੀ ਦੀ ਸਪਲਾਈ ਤੋਂ ਅੱਕੇ ਲੋਕਾਂ ਨੇ ਕੌਂਸਲ ਦਫ਼ਤਰ ਘੇਰਿਆ
ਹਰਜੀਤ ਸਿੰਘ
ਡੇਰਾਬੱਸੀ, 20 ਮਈ
ਇੱਥੋਂ ਦੀ ਬਰਵਾਲਾ ਸੜਕ ’ਤੇ ਸਥਿਤ ਰਿਹਾਇਸ਼ੀ ਕਲੋਨੀਆਂ ਦੇ ਵਸਨੀਕ ਤਿੰਨ ਮਹੀਨਿਆਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਹਨ। ਅੱਜ ਕਲੋਨੀ ਵਾਸੀਆਂ ਨੇ ਨਗਰ ਕੌਂਸਲ ਦੇ ਦਫ਼ਤਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੁਜ਼ਹਰਾਕਾਰੀਆਂ ਨੇ ਦੋਸ਼ ਲਾਇਆ ਕਿ ਵਾਰ-ਵਾਰ ਸ਼ਿਕਾਇਤ ਕਰਨ ’ਤੇ ਕੌਂਸਲ ਅਧਿਕਾਰੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਛੇਤੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋਇਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।
ਮੁਜ਼ਹਰਾਕਾਰੀਆਂ ਨੇ ਕਿਹਾ ਕਿ ਤਿੰਨ ਮਹੀਨਿਆਂ ਤੋਂ ਬਰਵਾਲਾ ਸੜਕ ’ਤੇ ਮੀਂਹ ਦੇ ਪਾਣੀ ਦੇ ਨਿਕਾਸ ਲਈ ਨਾਲੇ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਥਾਂ-ਥਾਂ ਖੁਦਾਈ ਕੀਤੀ ਹੋਈ ਹੈ ਜਿਸ ਕਾਰਨ ਪਾਣੀ ਅਤੇ ਸੀਵਰੇਜ ਦੀਆਂ ਪਾਈਪਾਂ ਨੁਕਸਾਨੀਆਂ ਗਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਰਲ ਰਿਹਾ ਹੈ। ਇਸ ਕਾਰਨ ਲੋਕ ਬਿਮਾਰ ਹੋ ਰਹੇ ਹਨ। ਇਸ ਪਾਣੀ ਵਿੱਚੋਂ ਬਦਬੂ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕ ਸਾਫ਼ ਪਾਣੀ ਨੂੰ ਤਰਸ ਗਏ ਹਨ। ਇਸ ਸਮੱਸਿਆ ਬਾਰੇ ਕਈ ਵਾਰ ਸ਼ਿਕਾਇਤਾਂ ਕਰਨ ’ਤੇ ਵੀ ਅਧਿਕਾਰੀਆਂ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿੱਚ ਪਹਿਲੀ ਵਾਰ ਅਜਿਹੀ ਸਥਿਤੀ ਬਣੀ ਹੈ ਕਿ ਤਿੰਨ ਮਹੀਨਿਆਂ ਬਾਅਦ ਵੀ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਧਿਕਾਰੀ ਆਮ ਆਦਮੀ ਦੀ ਕੋਈ ਸੁਣਵਾਈ ਨਹੀਂ ਕਰ ਰਹੇ ਹਨ।
ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ ਨੇ ਭਰੋਸਾ ਦਿੱਤਾ ਕਿ ਛੇਤੀ ਸਮੱਸਿਆ ਦਾ ਹੱਲ ਕਰਵਾ ਦਿੱਤਾ ਜਾਵੇਗਾ।