ਘਰ-ਘਰ ਕੂੜਾ ਇਕੱਠਾ ਕਰਨ ਦੀ ਯੋਜਨਾ: ਨਿਗਮ ਕਮਿਸ਼ਨਰ ਵੱਲੋਂ ਈ-ਰਿਕਸ਼ਿਆਂ ਦਾ ਨਿਰੀਖਣ
ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਅੱਜ ਸ਼ਹਿਰ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਲਈ ਤਾਇਨਾਤ ਈ-ਰਿਕਸ਼ਿਆਂ ਦਾ ਨਿਰੀਖਣ ਕੀਤਾ। ਸ੍ਰੀ ਡੇਚਲਵਾਲ ਨੇ ਘਰਾਂ ਵਿੱਚੋਂ ਸੁੱਕਾ ਅਤੇ ਗਿੱਲਾ ਕੂੜਾ ਨੂੰ ਵੱਖ-ਵੱਖ ਕਰਕੇ ਇਕੱਠਾ ਕਰਨ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਸਬੰਧਤ ਸਟਾਫ਼ ਨੂੰ ਪਿਛਲੇ ਸਮੇਂ ਦੌਰਾਨ ਨੁਕਸਾਨੇ ਗਏ ਵਾਹਨਾਂ ਦੀ ਮੁਰੰਮਤ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ ਗਏ। ਨਿਰੀਖਣ ਦੌਰਾਨ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਨਿਗਰਾਨ ਇੰਜੀਨੀਅਰ ਸੰਜੇ ਕੰਵਰ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਨਿਰੀਖਣ ਦੌਰਾਨ, ਅਧਿਕਾਰੀਆਂ ਨੇ ਵੱਖ-ਵੱਖ ਕਦਮਾਂ ਬਾਰੇ ਵੀ ਚਰਚਾ ਕੀਤੀ ਜੋ ਈ-ਰਿਕਸ਼ਿਆਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਚੁੱਕੇ ਜਾ ਸਕਦੇ ਹਨ। ਡੇਚਲਵਾਲ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਕੂੜੇ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ, ਪਰ ਇਹ ਟੀਚਾ ਸ਼ਹਿਰ ਵਾਸੀਆਂ ਦੇ ਸਹਿਯੋਗ ਤੋਂ ਬਿਨਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਵਸਨੀਕਾਂ ਨੂੰ ਨਗਰ ਨਿਗਮ ਦਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਸੁੱਕੇ ਅਤੇ ਗਿੱਲੇ ਘਰੇਲੂ ਕੂੜੇ ਨੂੰ ਅਲੱਗ-ਅਲੱਗ ਕਰਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪਣਾ ਚਾਹੀਦਾ ਹੈ।