ਘਰ ਢਾਹੁਣ ਦਾ ਮਾਮਲਾ: ਜਥੇਬੰਦੀਆਂ ਤੇ ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਕਮਲਜੀਤ ਕੌਰ
ਫ਼ਰੀਦਕੋਟ, 10 ਅਪਰੈਲ
ਮਜ਼ਦੂਰਾਂ ਦੇ ਢਾਹੇ ਹੋਏ ਘਰਾਂ ਦਾ ਇਨਸਾਫ਼ ਲੈਣ ਲਈ ਵੱਖ-ਵੱਖ ਜਥੇਬੰਦੀਆਂ ਅਤੇ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਕਰਯੋਗ ਹੈ ਕੁਝ ਦਿਨ ਪਹਿਲਾਂ ਕੋਟਕਪੂਰਾ-ਬਠਿੰਡਾ ਰੋਡ ’ਤੇ ਅਨਾਜ ਮੰਡੀ ਦੀ ਕੰਧ ਦੇ ਨਾਲ ਝੋਪੜੀਆਂ ਬਣਾ ਕੇ ਬੈਠੇ ਹੋਏ ਮਜ਼ਦੂਰਾਂ ਦੇ ਘਰਾਂ ਨੂੰ ਕੋਟਕਪੂਰਾ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਚਲਾ ਕੇ ਢਹਿ-ਢੇਰੀ ਕਰ ਦਿੱਤਾ ਗਿਆ ਸੀ ਜਿਸ ਕਰਕੇ ਬਹੁਤ ਸਾਰੇ ਮਜ਼ਦੂਰ ਬੇਘਰ ਹੋ ਗਏ ਸਨ। ਇਸ ਮਸਲੇ ਦਾ ਨੋਟਿਸ ਲੈਂਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਫ਼ਰੀਦਕੋਟ ਇਕਾਈ ਨੇ ਕੋਟਕਪੂਰਾ ਸ਼ਹਿਰ ਵਿੱਚ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਰੋਸ ਮਾਰਚ ਕੀਤਾ ਜਿਸ ਤੋਂ ਬਾਅਦ ਨੌਜਵਾਨ ਭਾਰਤ ਸਭਾ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੀ ਮਜ਼ਦੂਰਾਂ ਦੇ ਹੱਕ ਵਿੱਚ ਆਏ ਅਤੇ ਅੱਜ ਇਨ੍ਹਾਂ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਵੀਰ ਗੰਧੜ, ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸਤਨਾਮ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਦੀ ਬੁਲਡੋਜ਼ਰ ਨੀਤੀ ਭਾਜਪਾ ਸਰਕਾਰ ਯੂਪੀ ਬਿਹਾਰ ਵਿੱਚ ਵਰਤਦੀ ਹੈ, ਓਸੇ ਤਰ੍ਹਾਂ ਦਾ ਤਾਨਾਸ਼ਾਹੀ ਵਾਲਾ ਰਾਜ ਆਮ ਆਦਮੀ ਪਾਰਟੀ ਪੰਜਾਬ ਵਿੱਚ ਚਲਾ ਰਹੀ ਹੈ। ਨਸ਼ਾ ਤਸਕਰਾਂ ਦੇ ਘਰਾਂ ’ਤੇ ਕਾਰਵਾਈ ਦੇ ਨਾਮ ’ਤੇ ਪੰਜਾਬ ਸਰਕਾਰ ਲਗਾਤਾਰ ਸੰਘਰਸ਼ ਕਰ ਰਹੇ ਲੋਕਾਂ ਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਾਮ ’ਤੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਅੱਜ ਆਮ ਲੋਕਾਂ ਦੇ ਸਿਰ ਤੋਂ ਛੱਤ ਵੀ ਖੋਹ ਰਹੀ ਹੈ। ਜਥੇਬੰਦੀਆਂ ਨੇ ਮੰਗ ਕੀਤੀ ਕਿ ਜਿਹੜੇ ਮਜ਼ਦੂਰਾਂ ਦੇ ਘਰ ਢਾਹੇ ਗਏ ਹਨ, ਉਨ੍ਹਾਂ ਨੂੰ ਕਿਸੇ ਹੋਰ ਜਗ੍ਹਾ ਵਸਾਉਣ ਦਾ ਪ੍ਰਬੰਧ ਕੀਤਾ ਜਾਵੇ ਤੇ ਮਜ਼ਦੂਰਾਂ ਦਾ ਜੋ ਮਾਲੀ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਕੀਤੀ ਜਾਵੇ। ਜਥੇਬੰਦੀਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਫ਼ਰੀਦਕੋਟ ਪ੍ਰਸ਼ਾਸਨ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਖ਼ਤ ਐਕਸ਼ਨ ਕੀਤਾ ਜਾਵੇਗਾ।