ਘੁੰਮਣ ਨੂੰ ਮਿਲ ਰਹੇ ਸਮਰਥਨ ਤੋਂ ਵਿਰੋਧੀ ਬੌਂਖਲਾਏ: ਚੀਮਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਅੱਜ ਭਾਈ ਰਣਧੀਰ ਸਿੰਘ ਨਗਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਹਲਕੇ ਦੇ ਵੋਟਰਾਂ ਦਾ ਮਿਲ ਰਿਹਾ ਸਮਰਥਨ ਵਿਰੋਧੀਆਂ ਨੂੰ ਰਾਸ ਨਹੀਂ ਆ ਰਿਹਾ ਜਿਸ ਕਾਰਨ ਉਹ ਹੇਠਲੇ ਦਰਜੇ ਦੀਆਂ ਹਰਕਤਾਂ ’ਤੇ ਉਤਰ ਆਏ ਹਨ। ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਕੁਲਦੀਪ ਸਿੰਘ ਖ਼ਾਲਸਾ ਵੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀ ਬੁਖਲਾਹਟ ਦਾ ਅੰਦਾਜ਼ਾ ਇਸ ਗੱਲੋਂ ਲਗਾਇਆ ਜਾ ਸਕਦਾ ਹੈ ਕਿ ਜਿੱਥੇ ਜਿੱਥੇ ਵੀ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਫਲੈਕਸ ਲਗਾਏ ਜਾਂਦੇ ਹਨ, ਵਿਰੋਧੀਆਂ ਵੱਲੋਂ ਉਨ੍ਹਾਂ ਫਲੈਕਸਾਂ ਨੂੰ ਪਾੜ ਕੇ ਆਪਣੇ ਫਲੈਕਸ ਲਗਾ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਵੱਧ ਦੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ ਅਤੇ ਗੈਂਗਸਟਰਾਂ ਦੇ ਹਵਾਲੇ ਕਰ ਦਿੱਤਾ ਹੈ। ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਖ਼ਤਮ ਹੋ ਚੁੱਕੀ।
ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਦੇ ਵਿਕਾਸ ਕਾਰਜਾਂ ਨੂੰ ਲੀਪਾਪੋਚੀ ਕਰਕੇ ਉਨ੍ਹਾਂ ਦੇ ਉਦਘਾਟਨ ਕਰਕੇ ਝੂਠੀ ਵਾਹ-ਵਾਹ ਖੱਟਣ ਦੀ ਕੋਸ਼ਿਸ਼ ਕਰ ਰਹੇ ਹਨ। ਜੱਥੇਦਾਰ ਗਾਬੜ੍ਹੀਆ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਗਈ ਹੈ ਅਤੇ ਲੋਕਾਂ ਨੂੰ ਇਨਸਾਫ਼ ਲਈ ਥਾਣਿਆਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।