ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੱਲੂਘਾਰਾ ਦਿਵਸ: ਦਮਦਮੀ ਟਕਸਾਲ ਮਗਰੋਂ ਨਿਹੰਗ ਜਥੇਬੰਦੀਆਂ ਵੀ ਗੜਗੱਜ ਦੇ ਵਿਰੋਧ ਵਿੱਚ ਆਈਆਂ

05:48 AM Jun 04, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਜੂਨ
ਦਮਦਮੀ ਟਕਸਾਲ ਤੋਂ ਬਾਅਦ ਹੁਣ ਨਿਹੰਗ ਸਿੰਘ ਜਥੇਬੰਦੀਆਂ ਨੇ ਵੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਇਹ ਆਖਦਿਆਂ ਵਿਰੋਧ ਕੀਤਾ ਹੈ ਕਿ ਉਹ ਸਰਬ ਪ੍ਰਵਾਨਤ ਜਥੇਦਾਰ ਨਹੀਂ ਹਨ। ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਆਪਸੀ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਲਿਆ ਕਿ ਅਕਾਲ ਤਖ਼ਤ ਦਾ ਜੋ ਜਥੇਦਾਰ ਸਮੁੱਚੀ ਕੌਮ ਨੂੰ ਪ੍ਰਵਾਨ ਨਹੀਂ ਹੈ, ਉਸ ਵੱਲੋਂ ਅਕਾਲ ਤਖ਼ਤ ਤੋਂ ਘੱਲੂਘਾਰੇ ਸਮੇਂ ਕੌਮ ਦੇ ਨਾਮ ਸੰਦੇਸ਼ ਦੇਣਾ ਕਿਸੇ ਤਰ੍ਹਾਂ ਵੀ ਉਚਿਤ ਨਹੀਂ ਹੈ। ਨਿਹੰਗ ਸਿੰਘ ਜਥੇਬੰਦੀਆਂ ਇਸ ਦਾ ਡਟਵਾਂ ਵਿਰੋਧ ਕਰਨਗੀਆਂ। ਇਸ ਸਬੰਧ ਵਿੱਚ ਅੱਜ ਇੱਥੇ ਨਿਹੰਗ ਜਥੇਬੰਦੀਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਦਲਪੰਥ ਬਾਬਾ ਬਿਧੀ ਚੰਦ ਸਾਹਿਬ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਨੇ ਸਾਂਝੇ ਤੌਰ ’ਤੇ ਕਿਹਾ ਮਰਿਆਦਾ ਦੀ ਬਹਾਲੀ ਲਈ ਸਾਰੀਆਂ ਸੰਪਰਦਾਵਾਂ, ਦਮਦਮੀ ਟਕਸਾਲ, ਸੰਤ ਮਹਾਂਪੁਰਸ਼, ਪੰਥਕ ਜਥੇਬੰਦੀਆਂ ਮੁਕੰਮਲ ਰੂਪ ਵਿੱਚ ਸਾਰੇ ਇੱਕਜੁਟ ਹਨ। ਉਨ੍ਹਾਂ ਆਖਿਆ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਪੰਥਕ ਮਰਯਾਦਾ ਅਨੁਸਾਰ ਜਥੇਦਾਰ ਨਹੀਂ ਬਣੇ। ਉਨ੍ਹਾਂ ਨੂੰ ਕੌਮੀ ਮਾਮਲਿਆਂ ਵਿੱਚ ਸਿੱਧਾ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਨਿਹੰਗ ਸਿੰਘ ਮੁਖੀਆਂ ਨਾਲ ਮੀਟਿੰਗ ਕਰਕੇ ਜਲਦੀ ਹੀ ਸਰਬ ਪ੍ਰਵਾਨਤ ਜਥੇਦਾਰ ਨਿਯੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਏਨਾ ਸਮਾਂ ਬੀਤਣ ਦੇ ਬਾਅਦ ਵੀ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਧੱਕੇਸ਼ਾਹੀ ਨਾਲ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ’ਤੇ ਸੰਦੇਸ਼ ਦੇਣ ਅਤੇ ਸ਼ਹੀਦ ਪਰਿਵਾਰਾਂ ਨੂੰ ਉਸ ਤੋਂ ਸਨਮਾਨਤ ਕਰਨ ਸਬੰਧੀ ਆਪਣੀ ਜਿੱਦ ਕਿਉਂ ਪੁਗਾ ਰਹੀ ਹੈ। ਉਨ੍ਹਾਂ ਕਿਹਾ ਇਹ ਸ਼ਹੀਦ ਸਿੰਘਾਂ ਅਤੇ ਉਨ੍ਹਾਂ ਦੇ ਵਾਰਸਾਂ ਦਾ ਨਿਰਾਦਰ ਕਰਨ ਵਾਲੀ ਕਾਰਵਾਈ ਹੈ। ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਸਵੈ-ਪੜਚੋਲ ਕਰਨੀ ਚਾਹੀਦੀ ਹੈ।

Advertisement

ਸੰਕਟ ਦਾ ਹੱਲ ਕਰਨ ਲਈ ਧਾਮੀ ਵੱਲੋਂ ਮੀਟਿੰਗਾਂ ਦਾ ਦੌਰ ਸ਼ੁਰੂ

ਸੰਕਟ ਨੂੰ ਹੱਲ ਕਰਨ ਲਈ ਸ਼੍ੋਮਣੀ ਕਮੇਟੀ ਵੱਲੋਂ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ। ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਮਾਮਲੇ ਨੂੰ ਉਚਾਰਨ ਲਈ ਵੱਖ-ਵੱਖ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਸਬੰਧੀ ਕੋਈ ਹੱਲ ਲੱਭਿਆ ਜਾ ਸਕੇ ਅਤੇ ਟਕਰਾਅ ਵਾਲੀ ਸਥਿਤੀ ਨੂੰ ਟਾਲਿਆ ਜਾ ਸਕੇ।

ਮਰਿਆਦਾ ਤੋਂ ਉਲਟ ਥਾਪੇ ਜਥੇਦਾਰਾਂ ਦਾ ਡਟ ਕੇ ਵਿਰੋਧ ਕਰਾਂਗੇ:- ਬਾਬਾ ਬਲਬੀਰ ਸਿੰਘ

ਰੂਪਨਗਰ (ਜਗਮੋਹਨ ਸਿੰਘ): ਨਿਹੰਗ ਸਿੰਘ ਜਥੇਬੰਦੀਆਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਜਦੋਂ ਤੱਕ ਮਰਿਆਦਾ ਮੁਤਾਬਿਕ ਸਿੰਘ ਸਾਹਿਬ ਦੀ ਦਸਤਾਰਬੰਦੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਜਥੇਦਾਰਾਂ ਦਾ ਵਿਰੋਧ ਜਾਰੀ ਰਹੇਗਾ। ਅੱਜ ਗੁਰਦੁਆਰਾ ਹੈੱਡ ਦਰਬਾਰ ਕੋਟਿ ਪੁਰਾਣ ਟਿੱਬੀ ਸਾਹਿਬ ਰੂਪਨਗਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ 6 ਜੂਨ ਨੂੰ ਅਕਾਲ ਤਖ਼ਤ ਦੀ ਫਸੀਲ ’ਤੇ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਮੌਕੇ ਕੀਤੇ ਜਾਣ ਵਾਲੇ ਕਾਰਜ ਸਾਰੇ ਸੰਤਾਂ ਮਹਾਂਪੁਰਖਾਂ, ਦਮਦਮੀ ਟਕਸਾਲ ਅਤੇ ਨਿਹੰਗ ਜਥੇਬੰਦੀਆਂ ਦੇ ਗੁਰਮਤੇ ਅਨੁਸਾਰ ਹੋਣੇ ਚਾਹੀਦੇ ਹਨ ਅਤੇ ਜੇ ਅਜਿਹਾ ਨਹੀਂ ਹੁੰਦਾ ਤਾਂ ਨਿਹੰਗ ਜਥੇਬੰਦੀਆਂ ਸਣੇ ਸਾਰੀਆਂ ਸੰਸਥਾਵਾਂ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਨੇ ਹਮੇਸ਼ਾ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਹ ਨਹੀਂ ਚਾਹੁੰਦੇ ਕਿ ਹਰਮਿੰਦਰ ਸਾਹਿਬ ਦੀ ਪਰਿਕਰਮਾ ਅੰਦਰ ਜਾਂ ਅਕਾਲ ਤਖ਼ਤ ’ਤੇ ਕੋਈ ਅਣਹੋਣੀ ਘਟਨਾ ਵਾਪਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਕਮੇਟੀ ਨੂੰ ਚਲਾਉਣ ਵਾਲਿਆਂ ਨੂੰ ਇਸ ਸਬੰਧੀ ਸਮਝਣਾ ਚਾਹੀਦਾ ਹੈ ਕਿਉਂਕਿ ਮਰਿਆਦਾ ਸਬੰਧੀ ਸਾਰੀਆਂ ਜਥੇਬੰਦੀਆਂ ਇਕਜੁੱਟ ਹਨ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੁੱਤਰਾਂ ਨੇ ਵੀ ਇਹੀ ਕਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਨਿਹੰਗ ਸਿੰਘ ਜਥੇਬੰਦੀਆਂ ਨਾਲ ਕੀਤੇ ਵਚਨਾਂ ਨੂੰ ਪੂਰਾ ਕਰਨਾ ਚਾਹੀਦਾ ਹੈ ਜਾਂ ਫਿਰ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ।

Advertisement

Advertisement