ਚੀਨੀ ਡੋਰ ਵਰਤਣ ਵਾਲਿਆਂ ’ਤੇ ਡਰੋਨ ਦੀ ਨਜ਼ਰ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਜਨਵਰੀ
ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲੀਸ ਵੱਲੋਂ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਹੜੀ ਦਾ ਤਿਉਹਾਰ ਅਨੁਸ਼ਾਸਨ ਦੇ ਘੇਰੇ ਵਿੱਚ ਰਹਿ ਕੇ ਮਨਾਇਆ ਜਾਵੇ। ਚੀਨੀ ਡੋਰ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲੀਸ ਵੱਲੋਂ ਇਸ ਸਬੰਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਬੀਤੇ ਦਿਨਾਂ ਤੋਂ ਯਤਨ ਆਰੰਭੇ ਗਏ ਹਨ, ਜਿਸ ਤਹਿਤ ਅੱਜ ਵੀ ਵੱਖ-ਵੱਖ ਥਾਵਾਂ ’ਤੇ ਡਰੋਨ ਉਡਾ ਕੇ ਚੀਨੀ ਡੋਰ ਦੀ ਵਰਤੋਂ ਕਰ ਰਹੇ ਲੋਕਾਂ ’ਤੇ ਨਿਗਰਾਨੀ ਰੱਖੀ ਗਈ। ਇਸ ਸਬੰਧ ’ਚ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਵੱਲੋਂ ਆਪਣੀ ਟੀਮ ਦੇ ਨਾਲ ਡਰੋਨ ਉਡਾ ਕੇ ਛੱਤਾਂ ’ਤੇ ਪਤੰਗਬਾਜ਼ੀ ਕਰਨ ਵਾਲਿਆਂ ਦੀ ਨਿਗਰਾਨੀ ਕੀਤੀ ਗਈ ਹੈ। ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਲਈ ਪੁਲੀਸ ਪ੍ਰਸ਼ਾਸਨ ਨੂੰ ਚਾਰ ਵਾਧੂ ਡਰੋਨ ਮੁਹੱਈਆ ਕੀਤੇ ਗਏ ਸਨ। ਪੁਲੀਸ ਵੱਲੋਂ ਇਸ ਸਬੰਧ ਵਿੱਚ ਸਖਤੀ ਵਰਤਦਿਆਂ ਚੀਨੀ ਡੋਰ ਦੀ ਵਰਤੋਂ ਕਰਨ ਵਾਲਿਆਂ ਦੀ ਸੂਚਨਾ ਦੇਣ ਵਾਲਿਆਂ ਵਾਸਤੇ ਵਿਸ਼ੇਸ਼ ਇਨਾਮ ਵੀ ਰੱਖਿਆ ਗਿਆ ਹੈ। ਇਸੇ ਤਹਿਤ ਹੀ ਬੀਤੇ ਦਿਨ 1200 ਗੱਟੂ ਚੀਨੀ ਡੋਰ ਬਰਾਮਦ ਕੀਤੀ ਗਈ ਸੀ। ਲੋਹੜੀ ਦੇ ਸਬੰਧ ਵਿੱਚ ਪੁਲੀਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਪੁਲੀਸ ਪੈਟਰੋਲਿੰਗ ਵਿੱਚ ਵਾਧਾ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਹੜੀ ਦੇ ਤਿਉਹਾਰ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਸ਼ਾਂਤਮਈ ਢੰਗ ਨਾਲ ਮਨਾਇਆ ਜਾਵੇ।