ਚੀਨੀ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਹਦਾਇਤ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 14 ਜਨਵਰੀ
ਪਾਤੜਾਂ ਦੇ ਐੱਸਡੀਐੱਮ ਅਸ਼ੋਕ ਕੁਮਾਰ ਨੇ ਕਿਹਾ ਕਿ ਚੀਨੀ ਡੋਰ ’ਤੇ ਰੋਕ ਦੇ ਬਾਵਜੂਦ ਡੋਰ ਦੀ ਵਰਤੋਂ ਕਰਨ ਕਰਕੇ ਲੋਕਾਂ, ਪੰਛੀਆਂ ਅਤੇ ਜਾਨਵਰਾਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਬੋਰਡ ਨੇ ਉਕਤ ਡੋਰ ’ਤੇ ਪੂਰਨ ਪਾਬੰਦੀ ਲਾਈ ਹੈ। ਉਨ੍ਹਾਂ ਮੀਟਿੰਗ ਕਰਕੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਦੀ ਪਾਲਣਾ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਚੀਨੀ ਡੋਰ ਸਮੇਤ ਕਿਸੇ ਹੋਰ ਸਮੱਗਰੀ ਤੋਂ ਬਣੀ ਪਤੰਗ ਉਡਾਉਣ ਵਾਲੀ ਡੋਰ ਦੇ ਨਿਰਮਾਣ, ਵਿਕਰੀ, ਭੰਡਾਰਨ ਆਦਿ ਪਾਬੰਦੀ ਹੈ। ਲੋਕ ਇਸ ਨੂੰ ਨਾ ਵਰਤਣ ਅਤੇ ਜੇਕਰ ਕੋਈ ਵੇਚਦਾ ਹੈ ਤਾਂ ਉਸ ਦੀ ਵੀ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਤੰਗ ਉਡਾਉਣ ਦੀ ਇਜਾਜ਼ਤ ਸਿਰਫ਼ ਸੂਤੀ ਧਾਗੇ ਤੋਂ ਬਣੀ ਡੋਰ ਨਾਲ ਦੀ ਹੀ ਹੈ ਜੋ ਧਾਗੇ ਨੂੰ ਮਜ਼ਬੂਤੀ ਦੇਣ ਵਾਲੇ ਕਿਸੇ ਵੀ ਕੱਚ ਜਾਂ ਤਿੱਖੀ ਸਮੱਗਰੀ ਜਾਂ ਚਿਪਕਣ ਵਾਲੇ ਪਦਾਰਥ ਤੋਂ ਨਾ ਬਣੀ ਹੋਵੇ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।