ਚੇਅਰਮੈਨ ਵੱਲੋਂ ਕਿਲਾ ਹਕੀਮਾਂ ਸਕੂਲ ’ਚ ਵਿਕਾਸ ਕਾਰਜ ਲੋਕ ਅਰਪਣ
ਧੂਰੀ, 25 ਮਈ
ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਸਰਕਾਰੀ ਹਾਈ ਸਕੂਲ, ਕਿਲਾ ਹਕੀਮਾਂ ਵਿੱਚ ਕਰੀਬ 12.50 ਲੱਖ ਰੁਪਏ ਨਾਲ ਤਿਆਰ ਕੀਤੀ ਗਈ ਆਧੁਨਿਕ ਵਿਗਿਆਨ ਲੈਬ ਅਤੇ ਸਕੂਲ ਦੇ ਨਵੀਨੀਕਰਨ ਦੇ ਪ੍ਰਾਜੈਕਟ ਮੁਕੰਮਲ ਹੋਣ ਉਪਰੰਤ ਇਨ੍ਹਾਂ ਨੂੰ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਨਿਰੰਤਰ ਇਤਿਹਾਸਕ ਫੈਸਲੇ ਕਰ ਰਹੀ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿੱਦਿਅਕ ਮਾਹੌਲ ਉਪਲਬਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਨਸ਼ਿਆਂ ਦੀ ਰੋਕਥਾਮ ਲਈ ਪਿੰਡਾਂ ਵਿੱਚ ਮਤੇ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।