ਚੋਣ ਅਫਸਰ ਵੱਲੋਂ ਸਟਰਾਂਗ ਰੂਮ ਦਾ ਨਿਰੀਖਣ
ਖੇਤਰੀ ਪ੍ਰਤੀਨਿਧ
ਲੁਧਿਆਣਾ, 15 ਜੂਨ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਵਾਸਤੇ ਅੱਜ ਵਧੀਕ ਜ਼ਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਲਈ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਦੌਰਾ ਕੀਤਾ।
ਰੋਹਿਤ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਾਰਦਰਸ਼ੀ ਜ਼ਿਮਨੀ ਚੋਣ ਕਰਵਾਉਣ ਲਈ ਅਟੱਲ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਇਨ੍ਹਾਂ ਥਾਵਾਂ ’ਤੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਥਾਵਾਂ ’ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਲਈ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਪੂਰੀ ਤਰ੍ਹਾਂ ਕੀਤੀ ਜਾਵੇਗੀ। ਉਨ੍ਹਾਂ ਨੇ ਸੀਸੀਟੀਵੀ, ਬਿਜਲੀ ਸਪਲਾਈ, ਅੱਗ-ਸੁਰੱਖਿਆ ਉਪਾਵਾਂ ਅਤੇ ਸਥਾਨਾਂ ’ਤੇ ਰੱਖੇ ਗਏ ਅਧਿਕਾਰਤ ਰਜਿਸਟਰਾਂ ਦੇ ਰੱਖ-ਰਖਾਅ ਅਤੇ ਅਪਡੇਟ ਬਾਰੇ ਵੀ ਵੇਰਵੇ ਲਏ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਸੁਰੱਖਿਆ ਉਪਾਅ ਹਰ ਪੜਾਅ ’ਤੇ ਰਾਜਨੀਤਿਕ ਪਾਰਟੀਆਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਸਰਗਰਮ ਸ਼ਮੂਲੀਅਤ ਨਾਲ ਲਾਗੂ ਕੀਤੇ ਗਏ ਹਨ ਤਾਂ ਜੋ ਚੋਣ ਪ੍ਰਕਿਰਿਆ ਦੀ ਪ੍ਰਭਾਵਸ਼ੀਲਤਾ ਅਤੇ ਭਰੋਸੇਯੋਗਤਾ ਵਿੱਚ ਉਨ੍ਹਾਂ ਦਾ ਵਿਸ਼ਵਾਸ ਪੈਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੇ ਸ਼ਾਂਤੀਪੂਰਨ ਸੰਚਾਲਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।