ਚੋਣ ਮੈਨੀਫੈਸਟੋ ਵਿਚਲੇ ਵਾਅਦੇ ਪੂਰੇ ਕਰਾਂਗੇ: ਸੈਣੀ
ਪੱਤਰ ਪ੍ਰੇਰਕ
ਪੰਚਕੂਲਾ, 2 ਜਨਵਰੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੀ ਪਤਨੀ ਸੁਮਨ ਸੈਣੀ ਨਾਲ ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਿਰ ਕੰਪਲੈਕਸ ਵਿੱਚ ਨਵੇਂ ਸਾਲ ਦੇ ਮੌਕੇ ਪੂਜਾ ਅਰਚਨਾ ਕੀਤੀ। ਉਨ੍ਹਾਂ ਮੰਦਰ ਪਰਿਸਰ ਵਿੱਚ ਮੌਜੂਦ ਸ਼ਰਧਾਲੂਆਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਲ ਸੂਬੇ ਦੇ ਲੋਕਾਂ ਦੇ ਜੀਵਨ ਵਿੱਚ ਆਰਥਿਕ ਅਤੇ ਸਮਾਜਿਕ ਖੁਸ਼ਹਾਲੀ ਲੈ ਕੇ ਆਵੇਗਾ। ਹਰ ਨਾਗਰਿਕ ਦੇ ਜੀਵਨ ਵਿੱਚ ਖੁਸ਼ਹਾਲੀ ਆਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਚੋਣਾਂ ਦੌਰਾਨ ਮੈਨੀਫੈਸਟੋ ਵਿੱਚ ਕਈ ਵਾਅਦੇ ਕੀਤੇ ਹਨ, ਜਿਨ੍ਹਾਂ ਨੂੰ ਹੌਲੀ-ਹੌਲੀ ਪੂਰਾ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਈ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਵੀ ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਫਸਲੀ ਵਿਭਿੰਨਤਾ ਦੇ ਖੇਤਰ ਵਿੱਚ ਜਲਦੀ ਨਵੀਆਂ ਸਕੀਮਾਂ ਲਿਆਂਦੀਆਂ ਜਾਣਗੀਆਂ, ਤਾਂ ਜੋ ਕਿਸਾਨਾਂ ਨੂੰ ਕੁਦਰਤੀ ਖੇਤੀ ਵਿੱਚ ਘੱਟ ਖਰਚੇ ਵਿੱਚ ਵੱਧ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਪਾਣੀ ਦੇ ਦਬਾਅ ਨੂੰ ਘਟਾਉਣ ਲਈ ਝੋਨੇ ਤੋਂ ਇਲਾਵਾ ਹੋਰ ਵੱਖ-ਵੱਖ ਫ਼ਸਲਾਂ ਦੀ ਬਿਜਾਈ ਲਈ ਪ੍ਰੋਤਸਾਹਨ ਦੇਣ ਲਈ ਵੀ ਕੰਮ ਕਰ ਰਹੀ ਹੈ।