ਚੰਡੀਗੜ੍ਹ ਕਾਂਗਰਸ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਮਈ
ਚੰਡੀਗੜ੍ਹ ਕਾਂਗਰਸ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਰਹੇ। ਉਨ੍ਹਾਂ ਨੇ ਮਰਹੂਮ ਗਾਂਧੀ ਵੱਲੋਂ ਦੇਸ਼ ਦੇ ਵਿਕਾਸ ਲਈ ਕੀਤੇ ਕੰਮਾਂ ਨੂੂੰ ਯਾਦ ਕੀਤਾ। ਸ੍ਰੀ ਲੱਕੀ ਨੇ ਕਿਹਾ ਕਿ ਮਰਹੂਮ ਰਾਜੀਵ ਗਾਂਧੀ ਨੇ ਆਧੁਨਿਕ ਤੇ ਗਤੀਸ਼ੀਲ ਭਾਰਤ ਦੀ ਨੀਂਹ ਰੱਖੀ ਸੀ। ਉਨ੍ਹਾਂ ਦੇ ਦਿਖਾਏ ਰਾਹ ’ਤੇ ਚੱਲਦਿਆਂ ਹੀ ਅੱਜ ਦੇਸ਼ 21ਵੀਂ ਸਦੀ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਵੱਲੋਂ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਕੰਮਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਮੌਕੇ ਕਾਂਗਰਸੀ ਆਗੂ ਰਾਜੀਵ ਮੌਦਗਿੱਲ, ਰਜਨੀ ਤਲਵਾਰ, ਮੁਹੰਮਦ ਸਾਦਿਕ, ਅੱਛੇ ਲਾਲ, ਜਾਹਿਦ ਪਰਵੇਜ਼ ਖਾਨ, ਬੀਐੱਮ ਖੰਨਾ, ਸੁਰਜੀਤ ਸਿੰਘ ਢਿੱਲੋਂ, ਵਿਪਨਜੋਤ ਸਿੰਘ, ਨੰਦਿਤਾ ਹੁੱਡਾ, ਸਾਚਿਨ ਗਾਲਿਵ, ਰਮੇਸ਼ ਆਹੂਜਾ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਮੌਜੂਦ ਰਹੇ।
ਯੂਥ ਕਾਂਗਰਸ ਨੇ ਖੂਨਦਾਨ ਕੈਂਪ ਲਗਾਇਆ
ਚੰਡੀਗੜ੍ਹ ਯੂਥ ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ ਬਰਸੀ ਮੌਕੇ ਸੈਕਟਰ-37 ਵਿੱਚ ਸਥਿਤ ਰੋਟਰੀ ਕਲੱਬ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਨੇ ਖੂਨਦਾਨ ਕੀਤਾ। ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਨੇ ਕਿਹਾ ਕਿ ਅੱਜ ਦੇ ਸਮੇਂ ਖੂਨਦਾਨ ਮਹਾਦਾਨ ਵਜੋਂ ਜਾਣਿਆ ਜਾਂਦਾ ਹੈ। ਇਸ ਲਈ ਯੂਥ ਕਾਂਗਰਸ ਦੇ ਆਗੂਆਂ ਨੇ ਖੂਨਦਾਨ ਕਰ ਕੇ ਰਾਜੀਵ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਹੈ। ਸ੍ਰੀ ਲੁਬਾਣਾ ਨੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੂੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।