ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਰੋਸ ਮਾਰਚ ਲਈ ਲਾਮਬੰਦੀ
ਪੱਤਰ ਪ੍ਰੇਰਕ
ਚੰਡੀਗੜ੍ਹ, 17 ਮਈ
ਯੂ.ਟੀ. ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਰਜਾ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 5 ਜੁਲਾਈ ਨੂੰ ਕੱਢੇ ਜਾ ਰਹੇ ਰੋਸ ਮਾਰਚ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਸਬੰਧ ਵਿੱਚ ਇੱਕ ਮੀਟਿੰਗ ਪਿੰਡ ਰਾਏਪੁਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਲਾਭ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿੱਚ ਪਿੰਡ ਮੌਲ਼ੀ ਜਾਗਰਾਂ ਤੋਂ ਵੀ ਮੋਹਤਬਰ ਵਿਅਕਤੀ ਸ਼ਾਮਿਲ ਹੋਏ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਸਰਪ੍ਰਸਤ ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ ਆਦਿ ਨੇ ਦੱਸਿਆ ਕਿ 5 ਜੁਲਾਈ ਨੂੰ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਰੋਸ ਮਾਰਚ ਕੱਢਿਆ ਜਾਵੇਗਾ ਜਿਸ ਵਿੱਚ ਪੰਜਾਬੀ ਹਿਤੈਸ਼ੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਸੈਕਟਰ 34 ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਰੋਸ ਮਾਰਚ ਵੱਖ-ਵੱਖ ਸੈਕਟਰਾਂ ਵਿੱਚੋਂ ਦੀ ਹੁੰਦਾ ਹੋਇਆ ਸੈਕਟਰ 7 ਦੇ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਸਮਾਪਤ ਹੋਵੇਗਾ। ਰੋਸ ਮਾਰਚ ’ਚ ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦਾ ਵਿਰੋਧ ਕੀਤਾ ਜਾਵੇਗਾ, ਜਿਹੜਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦੇਣ ਲਈ ਤਿਆਰ ਨਹੀਂ ਹੈ।