ਚੱਬੇਵਾਲ ਸਕੂਲ ’ਚ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ
ਹੁਸ਼ਿਆਰਪੁਰ, 3 ਜਨਵਰੀ
ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਟਿਡ ਵੱਲੋਂ ਸੀਐੱਸਆਰ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਚੱਬੇਵਾਲ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਫ਼ਰਨੀਚਰ, ਦੋ ਕਲਾਸ ਰੂਮ ਅਤੇ ਇੱਕ ਮਿੱਡ-ਡੇਅ ਮੀਲ ਸ਼ੈੱਡ ਦਾ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਉਦਘਾਟਨ ਕੀਤਾ। ਇਸ ਤੋਂ ਇਲਾਵਾ ਬੱਚਿਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਕੂਲ ਵਿੱਚ ਇੱਕ ਆਰ.ਓ ਵਾਲਾ ਵਾਟਰ ਕੂਲਰ ਵੀ ਲਗਾਇਆ ਗਿਆ। ਇਸ ਮੌਕੇ ਡਾ. ਇਸ਼ਾਂਕ ਕੁਮਾਰ ਨੇ ਵਰਧਮਾਨ ਗਰੁੱਪ ਵੱਲੋਂ ਸੀਐੱਸਆਰ ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਸਮਾਜ ਭਲਾਈ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਡਾ. ਇਸ਼ਾਂਕ ਨੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਰਧਮਾਨ ਦੇ ਡਾਇਰੈਕਟਰ ਤਰੁਣ ਚਾਵਲਾ ਨੇ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਚੱਬੇਵਾਲ ਦੇ ਸਕੂਲਾਂ ਵਿੱਚ ਰੇਨ ਵਾਟਰ ਹਾਰਵੈਸਟਿੰਗ ਦਾ ਕੰਮ ਸ਼ੁਰੂ ਕਰਵਾ ਦੇਣਗੇ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ) ਸੁਖਵਿੰਦਰ ਸਿੰਘ ਅਤੇ ਪ੍ਰਿੰਸੀਪਲ ਨੀਲਮ ਨੇ ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਵਰਧਮਾਨ ਦੀ ਟੀਮ ਦਾ ਧੰਨਵਾਦ ਕੀਤਾ।