ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 22 ਦਸੰਬਰ
ਢਾਬੀ ਗੁੱਜਰਾਂ ਬਾਰਡਰ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 27ਵੇਂ ਦਿਨ ਵੀ ਜਾਰੀ ਰਿਹਾ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ ਜਿਸ ਕਾਰਨ ਉਨ੍ਹਾਂ ਨੂੰ ਇਨਫੈਕਸ਼ਨ ਦਾ ਡਰ ਵਧ ਗਿਆ ਹੈ। ਇਸ ਕਰਕੇ ਉਨ੍ਹਾਂ ਨੂੰ ਸਟੇਜ ’ਤੇ ਨਹੀਂ ਲਿਆਂਦਾ ਗਿਆ। ਅੱਜ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਢਾਬੀ ਗੁੱਜਰਾਂ ਬਾਰਡਰ ’ਤੇ ਪੁੱਜ ਕੇ ਕਿਸਾਨ ਆਗੂ ਦਾ ਹਾਲ ਜਾਣਿਆ। ਕਿਸਾਨ ਆਗੂਆਂ ਨੇ ਦੱਸਿਆ 24 ਦਸੰਬਰ ਨੂੰ ਦੇਸ਼ ਭਰ ਵਿੱਚ ਸ਼ਾਮ 5.30 ਵਜੇ ਮੋਮਬੱਤੀ ਮਾਰਚ ਤੇ 26 ਦਸੰਬਰ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਭੁੱਖ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੱਧ ਪ੍ਰਦੇਸ਼ ਦੇ ਇਤਾਰਸੀ ਵਿੱਚ ਕਿਸਾਨਾਂ ਨੇ ਸ੍ਰੀ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਖੇਤੀਬਾੜੀ ਸੰਸਦੀ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਸੰਸਦ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਤਿਆਰ ਕੀਤੀ ਰਿਪੋਰਟ ਦੀ ਕਾਪੀ ਕਿਸਾਨ ਆਗੂ ਡੱਲੇਵਾਲ ਨੂੰ ਸੌਂਪੀ ਹੈ। ਕਿਸਾਨ ਆਗੂਆਂ ਕਿਹਾ ਕਿ ਕਮੇਟੀ ਨੇ ਰਿਪੋਰਟ ਵਿੱਚ ਲਾਗਤ ਖ਼ਰਚਿਆਂ ’ਚ ਵਾਧੇ, ਕਰਜ਼ਾ ਲੈਣ ਵਾਲਿਆਂ ਦਰ ’ਚ ਵਾਧਾ, ਕਰਜ਼ਾ ਮੁਕਤੀ ਲਈ ਨੀਤੀ ਬਣਾਉਣ ਸਣੇ ਕਿਸਾਨਾਂ ਦੇ ਹੱਕ ਵਿੱਚ ਕਈ ਸੁਝਾਅ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸੰਸਦ ਸਰਵਉੱਚ ਹੈ। ਕੇਂਦਰ ਸਰਕਾਰ ਨੂੰ ਕਮੇਟੀ ਦੇ ਸੁਝਾਅ ਮੰਨ ਕੇ ਐੱਮਐੱਸਪੀ ਗਾਰੰਟੀ ਕਾਨੂੰਨ ਬਣਾ ਕੇ ਕਿਸਾਨ ਆਗੂ ਨੂੰ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।