ਜਗਤਾਰ ਸਿੰਘ ਹਵਾਰਾ ਇੱਕ ਹੋਰ ਮਾਮਲੇ ਵਿੱਚੋਂ ਬਰੀ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 19 ਮਈ
ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਇੱਕ ਹੋਰ ਅਪਰਾਧਕ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਦੋਸ਼ ਮੁਕਤ ਕਰਾਰ ਦਿੰਦਿਆਂ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਉਹ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਅਤੇ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ।
ਅਦਾਲਤੀ ਕਾਰਵਾਈ ਤੋਂ ਬਾਅਦ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਦੇ ਖ਼ਿਲਾਫ਼ ਸਾਲ 2005 ਵਿੱਚ ਖਰੜ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੂਰੀ ਤਰ੍ਹਾਂ ਝੂਠਾ ਸੀ ਅਤੇ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਪੁਲੀਸ ਹਵਾਰਾ ਦੇ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਹਵਾਰਾ ਖ਼ਿਲਾਫ਼ ਇਹ ਅੰਤਿਮ ਕੇਸ ਸੀ, ਜਿਸ ’ਚੋਂ ਵੀ ਉਹ ਬਰੀ ਹੋ ਗਏ ਹਨ। ਮੰਝਪੁਰ ਨੇ ਦੱਸਿਆ ਕਿ ਹੁਣ ਜਥੇਦਾਰ ਜਗਤਾਰ ਸਿੰਘ ਹਵਾਰਾ ਕਰੀਬ 36 ਕੇਸਾਂ ’ਚੋਂ ਬਰੀ ਹੋ ਚੁੱਕੇ ਹਨ। ਹੁਣ ਸਿਰਫ਼ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦੀ ਹੈ। ਇਸ ਤਰ੍ਹਾਂ ਹੁਣ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਰਾਹ ਪੱਧਰਾ ਹੋ ਗਿਆ ਹੈ। ਵਕੀਲ ਨੇ ਕਿਹਾ ਕਿ ਅਦਾਲਤ ਦੇ ਤਾਜ਼ਾ ਹੁਕਮਾਂ ਦੀ ਕਾਪੀ ਮਿਲਣ ਤੋਂ ਬਾਅਦ ਸਾਰੇ ਕਾਨੂੰਨੀ ਪੱਖਾਂ ਨੂੰ ਵਿਚਾਰ ਕੇ ਹਵਾਰਾ ਨੂੰ ਪੈਰੋਲ ਦੇਣ ਲਈ ਉੱਚ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ। ਸੁਰੱਖਿਆ ਪ੍ਰਬੰਧਾਂ ਦੇ ਕਾਰਨ ਅੱਜ ਹਵਾਰਾ ਨੂੰ ਫਿਜ਼ੀਕਲ ਤੌਰ ’ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ।