ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਦੇ ਵਿਧੀ-ਵਿਧਾਨ ਸਬੰਧੀ ਸੁਝਾਅ ਮੰਗੇ

04:26 AM Mar 30, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਮਾਰਚ
ਬਜਟ ਇਜਲਾਸ ਵਿੱਚ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਬਾਰੇ ਵਿਧੀ ਵਿਧਾਨ ਬਣਾਉਣ ਦਾ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇਸ ਦਿਸ਼ਾ ਵਿੱਚ ਪ੍ਰਕਿਰਿਆ ਆਰੰਭ ਦਿੱਤੀ ਹੈ। ਇਸ ਤਹਿਤ ਸਿੱਖ ਪੰਥ ਕੋਲੋਂ ਸੁਝਾਅ ਮੰਗੇ ਗਏ ਹਨ ਅਤੇ ਸੁਝਾਅ ਭੇਜਣ ਵਾਸਤੇ ਈ-ਮੇਲ ਅਤੇ ਵ੍ਹਟਸਐਪ ਨੰਬਰ ਵੀ ਜਾਰੀ ਕੀਤੇ ਗਏ ਹਨ, ਜਿੱਥੇ ਸੁਝਾਅ ਭੇਜੇ ਜਾ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਦਿਸ਼ਾ ਵੱਲ ਪਹਿਲਾ ਕਦਮ ਪੁੱਟਦਿਆਂ ਅਕਾਲ ਤਖ਼ਤ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾਮੁਕਤੀ ਸਬੰਧੀ ਨਿਯਮ ਨਿਰਧਾਰਿਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤੈਅ ਕੀਤੇ ਜਾਣ, ਜਿਸ ਸਬੰਧ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਸੀ। ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰਾਂ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾਮੁਕਤੀ ਬਾਰੇ ਕੌਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ-ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ। ਇਸ ਲਈ 20 ਅਪਰੈਲ ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ਐਡਵੋਕੇਟ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈ-ਮੇਲ info@sgpc.net ਅਤੇ ਵ੍ਹਟਸਐਪ ਨੰਬਰ 77101-36200 ਉੱਤੇ ਭੇਜੇ ਜਾਣ।
ਦੱਸਣਯੋਗ ਹੈ ਕਿ ਕਈ ਸਿੱਖ ਜਥੇਬੰਦੀਆਂ ਵੱਲੋਂ ਪਹਿਲਾਂ ਇਸ ਸਬੰਧੀ ਸਿੱਖ ਪੰਥ ਦੀ ਰਾਇ ਨਾਲ ਅਜਿਹੇ ਨਿਯਮ ਤਿਆਰ ਵੀ ਕੀਤੇ ਗਏ ਸਨ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਖਰੜਾ ਸੌਂਪਿਆ ਵੀ ਜਾ ਚੁੱਕਾ ਹੈ।
ਕੱਲ੍ਹ ਇਸ ਮੁੱਦੇ ਸਮੇਤ ਜਥੇਦਾਰਾਂ ਦੀ ਬਹਾਲੀ ਦੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਅੰਦਰ ਅਤੇ ਬਾਹਰ ਦੋਵੇਂ ਥਾਵਾਂ ਤੇ ਸਿੱਖ ਜਥੇਬੰਦੀਆਂ ਵੱਲੋਂ ਧਰਨੇ ਵੀ ਦਿੱਤੇ ਗਏ ਸਨ।

Advertisement

ਪੰਜਾਬ ਦੀ ਨਿੱਘਰਦੀ ਹਾਲਤ ਵੱਲ ਧਿਆਨ ਦੇਵੇ ਸਰਕਾਰ: ਧਾਮੀ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਸਿੱਖ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦਿਆਂ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਅੰਦਰ ਰਹਿ ਕੇ ਸੂਬੇ ਦੀ ਨਿੱਘਰਦੀ ਜਾ ਰਹੀ ਹਾਲਤ ਸੁਧਾਰਨ ਵੱਲ ਧਿਆਨ ਦੇਵੇ। ਐਡਵੋਕੇਟ ਧਾਮੀ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ’ਤੇ ਵਿਧਾਨ ਸਭਾ ਵਿਚ ਜਾਣ-ਬੁੱਝ ਕੇ ਨੀਤੀਗਤ ਢੰਗ ਨਾਲ ਸਿੱਖ ਮਸਲਿਆਂ ਵਿੱਚ ਦਖ਼ਲ ਦੇਣ ਦਾ ਦੋਸ਼ ਲਾਉਂਦਿਆਂ ਇਸ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਆਪਣੇ ਮਸਲੇ ਖੁਦ ਹੱਲ ਕਰ ਸਕਦੇ ਹਨ ਅਤੇ ਸਰਕਾਰਾਂ ਵੱਲੋਂ ਦਖ਼ਲਅੰਦਾਜ਼ੀ ਕੌਮੀ ਭਾਵਨਾਵਾਂ ਨੂੰ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਥਾਂ ਸਰਕਾਰ ਪੰਜਾਬ ਦੀ ਨਿੱਘਰਦੀ ਹਾਲਤ ਸੁਧਾਰਨ ਵੱਲ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੂੰ ਸਿੱਖ ਮਸਲਿਆਂ ਵਿੱਚ ਦਿਲਚਸਪੀ ਹੈ ਤਾਂ ਬੰਦੀ ਸਿੰਘਾਂ ਦਾ ਮਸਲਾ ਹੱਲ ਕਰਵਾਏ।

Advertisement
Advertisement