ਜਥੇਦਾਰਾਂ ਦੀ ਨਿਯੁਕਤੀ ਬਾਰੇ ਖਰੜਾ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਅਪਰੈਲ
ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਬਾਰੇ ਪੰਥ ਪ੍ਰਮਾਣਿਤ ਨਿਯਮ ਘੜੇ ਜਾਣ ਲਈ ਦਲ ਖ਼ਾਲਸਾ ਨੇ ਖਰੜੇ ਦੀ ਕਾਪੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਹੈ। ਦਲ ਖ਼ਾਲਸਾ ਨੇ ਆਸ ਪ੍ਰਗਟਾਈ ਹੈ ਕਿ ਉਹ ਇਸ ਦੀ ਘੋਖ ਕਰਕੇ, ਸਿੱਖ ਇਤਿਹਾਸਕਾਰਾਂ ਅਤੇ ਵਿਸ਼ੇ ਦੇ ਮਾਹਿਰਾਂ ਨਾਲ ਰਾਏ-ਮਸ਼ਵਰਾ ਕਰਕੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਫੌਰੀ ਯਤਨ ਸ਼ੁਰੂ ਕਰਨਗੇ। ਪਾਰਟੀ ਲੀਡਰ ਕੰਵਰਪਾਲ ਸਿੰਘ, ਪਰਮਜੀਤ ਸਿੰਘ ਮੰਡ, ਗੁਰਨਾਮ ਸਿੰਘ, ਗੁਰਵਿੰਦਰ ਸਿੰਘ ਬਾਜਵਾ ਅਤੇ ਮਾਨ ਸਿੰਘ ਨੇ ਦੱਸਿਆ ਇਹ ਖਰੜਾ ਪਾਰਟੀ ਦੇ ਤਿੰਨ ਮੈਂਬਰੀ ਵਫਦ ਵੱਲੋਂ ਪਿਛਲੇ ਦਿਨੀਂ ਸੌਂਪ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਜਿਸ ਤਰੀਕੇ ਅਕਾਲ ਤਖ਼ਤ ਸਾਹਿਬ, ਤਖ਼ਤ ਦਮਦਮਾ ਸਾਹਿਬ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਜਬਰੀ ਸੇਵਾ-ਮੁਕਤ ਕੀਤਾ ਗਿਆ ਹੈ, ਉਸ ਨਾਲ ਹਰ ਸਿੱਖ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਟਿੱਪਣੀ ਕਰਦਿਆਂ ਦੋਸ਼ ਲਾਇਆ ਕਿ ਉਸ ਨੇ ਆਪਣੀ ਪ੍ਰਧਾਨਗੀ ਹਥਿਆਉਣ ਲਈ ਤਿੰਨ ਜਥੇਦਾਰਾਂ ਦੀ ਬਲੀ ਲਈ, ਤਖ਼ਤਾਂ ਦੀ ਸਰਵਉੱਚਤਾ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਖ਼ਾਲਿਸਤਾਨ ਐਲਾਨ-ਨਾਮੇ ਦੀ ਵਰ੍ਹੇਗੰਢ ਮੌਕੇ ਦਲ ਖ਼ਾਲਸਾ ਵੱਲੋਂ 29 ਅਪਰੈਲ ਨੂੰ ਭਾਈ ਗੁਰਦਾਸ ਹਾਲ, ਅੰਮ੍ਰਿਤਸਰ ਵਿੱਚ ਸੈਮੀਨਾਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੂਨ 1984 ’ਚ ਦਰਬਾਰ ਸਾਹਿਬ ’ਤੇ ਹੋਏ ਹਮਲੇ ਤੋਂ ਬਾਅਦ ਸਿੱਖ ਜੁਝਾਰੂ ਜਥੇਬੰਦੀਆਂ ਨੇ 29 ਅਪਰੈਲ 1986 ਨੂੰ ਅਕਾਲ ਤਖ਼ਤ ਸਾਹਿਬ ਤੋਂ ਖਾਲਿਸਤਾਨ ਦਾ ਐਲਾਨ-ਨਾਮਾ ਕੀਤਾ ਸੀ, ਜਿਸ ਦੇ 40 ਸਾਲ ਆਉਂਦੇ ਵਰ੍ਹੇ ਪੂਰੇ ਹੋ ਜਾਣਗੇ।
ਉਨ੍ਹਾਂ ਦੱਸਿਆ ਕਿ ਐਲਾਨ-ਨਾਮੇ ਦੀ ਵਰ੍ਹੇਗੰਢ ਮੌਕੇ ਸੈਮੀਨਾਰ ਤੋਂ ਬਾਅਦ ਪਾਰਟੀ ਨਾਲ ਜੁੜੇ ਕਾਰਜ ਕਰਤਾ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਅਰਦਾਸ ਕਰਨਗੇ ਅਤੇ ਖਾਲਿਸਤਾਨ ਦੀ ਸਿਰਜਣਾ ਲਈ ਚੱਲ ਰਹੀ ਜੱਦੋ-ਜਹਿਦ ਨੂੰ ਜਾਰੀ ਰੱਖਣ ਲਈ ਵਚਨਬੱਧਤਾ ਦੁਹਰਾਉਣਗੇ।
ਤਖ਼ਤਾਂ ਦੇ ਜਥੇਦਾਰਾਂ ਦੀ ਬਹਾਲੀ ਲਈ ਮੀਟਿੰਗ 27 ਨੂੰ
ਗਲਤ ਢੰਗ ਤਰੀਕੇ ਨਾਲ ਹਟਾਏ ਗਏ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਬਹਾਲੀ ਲਈ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਿੱਖ ਜਥੇਬੰਦੀਆਂ ਦੀ ਮੀਟਿੰਗ 27 ਅਪਰੈਲ ਨੂੰ ਬੁਲਾ ਲਈ ਹੈ। ਇਹ ਮੀਟਿੰਗ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ 27 ਅਪਰੈਲ ਨੂੰ ਇਕੱਤਰ ਸਮੂਹ ਸ਼ਖ਼ਸੀਅਤਾਂ ਦੇ ਨਾਲ ਵਿਚਾਰ ਵਟਾਂਦਰੇ ਉਪਰੰਤ ਸਭ ਦੇ ਸਹਿਯੋਗ ਨਾਲ ਹੀ ਕੋਈ ਅਗਲਾ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਸਮੂਹ ਪੰਥ ਦਰਦੀਆਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।