ਜਥੇਦਾਰ ਨੇ ਸਿੱਖ ਬਜ਼ੁਰਗ ਤੇ ਨੌਜਵਾਨ ਨਾਲ ਕੁੱਟਮਾਰ ਦੀਆਂ ਘਟਨਾਵਾਂ ਦਾ ਨੋਟਿਸ ਲਿਆ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜੂਨ
ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿੱਚ ਗੁਰਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਦਾ ਨੋਟਿਸ ਲੈਂਦਿਆਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲੀਸ ਨੂੰ ਇਨ੍ਹਾਂ ਦੋਵੇਂ ਘਟਨਾਵਾਂ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਆਖਿਆ ਹੈ। ਸ੍ਰੀ ਗੜਗੱਜ ਨੇ ਕਿਹਾ ਕਿ ਰਾਮਪੁਰਾ ਫੂਲ ਦੇ ਨੇੜੇ ਬਰਨਾਲਾ-ਬਠਿੰਡਾ ਸੜਕ ’ਤੇ ਨਸ਼ੇ ਦੀ ਹਾਲਤ ਵਿੱਚ ਇੱਕ ਵਿਅਕਤੀ ਵੱਲੋਂ ਗੁਰਸਿੱਖ ਬਜ਼ੁਰਗ ਜਗਤਾਰ ਸਿੰਘ ਦੀ ਕੁੱਟਮਾਰ ਕਰਕੇ ਉਨ੍ਹਾਂ ਦਾ ਦਾਹੜਾ ਪੁੱਟਿਆ ਗਿਆ, ਦਸਤਾਰ ਦੀ ਬੇਅਦਬੀ ਕੀਤੀ ਗਈ ਤੇ ਕੱਪੜੇ ਵੀ ਪਾੜੇ ਗਏ। ਉਨ੍ਹਾਂ ਕਿਹਾ ਕਿ ਇੱਕ ਕਿਰਤੀ ਸਿੱਖ ਨਾਲ ਅਜਿਹੀ ਘਟਨਾ ਵਾਪਰਨੀ ਬੇਹੱਦ ਦੁੱਖਦਾਈ ਹੈ। ਇਸ ਮਾਮਲੇ ਵਿੱਚ ਜਥੇਦਾਰ ਨੇ ਸਕੱਤਰੇਤ ਦੇ ਅਧਿਕਾਰੀਆਂ ਰਾਹੀਂ ਬਠਿੰਡਾ ਦੀ ਸੀਨੀਅਰ ਪੁਲੀਸ ਕਪਤਾਨ ਅਮਨੀਤ ਕੌਂਡਲ ਨਾਲ ਰਾਬਤਾ ਕਰਕੇ ਆਖਿਆ ਹੈ ਕਿ ਪੁਲੀਸ ਦੋਸ਼ੀ ਵਿਅਕਤੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਨਾਲ-ਨਾਲ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕਰੇ। ਸ੍ਰੀ ਮੁਕਤਸਰ ਸਾਹਿਬ ’ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਆਪਣੀ ਗੱਡੀ ਵਿੱਚ ਜਾ ਰਹੇ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਵੀ ਜਥੇਦਾਰ ਦੇ ਆਦੇਸ਼ ਉਪਰੰਤ ਸੀਨੀਅਰ ਪੁਲੀਸ ਕਪਤਾਨ ਡਾ. ਅਖਿਲ ਚੌਧਰੀ ਨਾਲ ਵੀ ਗੱਲਬਾਤ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਮੁਲਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ।