ਜਥੇਬੰਦੀਆਂ ਨੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪੇ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ), ਪੇਂਡੂ ਮਜ਼ਦੂਰ ਯੂਨੀਅਨ ਅਤੇ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਨੇ ਪੰਜਾਬ ਦੁਕਾਨ ’ਤੇ ਵਪਾਰਕ ਅਦਾਰੇ ਕਾਨੂੰਨ-1958 ’ਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ ਰੱਦ ਕਰਨ ਲਈ ਅੱਜ ਮੁੱਖ ਮੰਤਰੀ ਦੇ ਨਾਂਅ ਸੂਬੇ ਦੇ 18 ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ-ਪੱਤਰ ਸੌਂਪੇ। ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਤੇ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੁਕਾਨਾਂ ਤੇ ਵਪਾਰਕ ਅਦਾਰੇ ਕਾਨੂੰਨ-1958 ’ਚ ਕੀਤੀਆਂ ਸੋਧਾਂ ਮਜ਼ਦੂਰ ਵਿਰੋਧੀ ਹਨ। ਇਸ ਨਾਲ ਵਪਾਰਕ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਿਰਤੀ, ਕਾਨੂੰਨ ਦੁਆਰਾ ਮਿਲੇ ਹੋਏ ਅਧਿਕਾਰਾਂ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਦਿਹਾੜੀ ਦੇ ਸਮੇਂ ਅਤੇ ਓਵਰਟਾਈਮ ਵਿਚ ਕੀਤਾ ਗਿਆ ਵਾਧਾ ਕਿਸੇ ਤਰ੍ਹਾਂ ਵੀ ਤਰਕਸੰਗਤ ਨਹੀਂ ਹੈ ਤੇ ਇਹ ਕੌਮਾਂਤਰੀ ਮਜ਼ਦੂਰ ਸੰਗਠਨ ਦੇ ਫ਼ੈਸਲੇ ਦੀ ਉਲੰਘਣਾ ਹੈ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸੋਧਾਂ ਵਾਪਸ ਨਾ ਲਈਆਂ ਤਾਂ ਇਸ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।