ਜਥੇਬੰਦੀਆਂ ਵੱਲੋਂ ਸੀਵਰੇਜ ਸਮੱਸਿਆ ਦੇ ਹੱਲ ਲਈ ਧਰਨਾ
ਜੋਗਿੰਦਰ ਸਿੰਘ ਮਾਨ
ਮਾਨਸਾ, 9 ਦਸੰਬਰ
ਮਾਨਸਾ ਸ਼ਹਿਰ ’ਚ ਸੀਵਰੇਜ ਦੇ ਪੱਕੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਕੰਮਲ ਨਾਕਾਮੀ ਖ਼ਿਲਾਫ਼ ਵੱਖ-ਵੱਖ ਜਨਤਕ, ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਅੱਜ 43ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਉਹ ਪਿਛਲੇ ਡੇਢ ਮਹੀਨੇ ਤੋਂ ਲਗਾਤਾਰ ਧਰਨਾ ਦਿੰਦੇ ਆ ਰਹੇ ਹਨ ਪਰ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਅੱਜ ਦੇ ਧਰਨੇ ਦੀ ਅਗਵਾਈ ਸੀਪੀਆਈ (ਐੱਮਐੱਲ) ਲਿਬਰੇਸ਼ਨ ਵੱਲੋਂ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਮੰਗ ਕੀਤੀ ਮਾਨਸਾ ਸ਼ਹਿਰ ਦੇ ਸੀਵਰੇਜ ਪੱਕਾ ਤੇ ਸਥਾਈ ਹੱਲ ਕੀਤਾ ਜਾਵੇ। ਇਸ ਤੋਂ ਪਹਿਲਾਂ ਫੌਰੀ ਤੌਰ ’ਤੇ ਗਲੀਆਂ ਮੁਹੱਲਿਆਂ ਵਿੱਚ ਭਰੇ ਗੰਦੇ ਪਾਣੀ ਦਾ ਆਰਜ਼ੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਲਗਭਗ ਸਾਰੀਆਂ ਗਲੀਆਂ ਵਿੱਚ ਸਵੇਰੇ-ਸ਼ਾਮ ਸੀਵਰੇਜ ਦਾ ਗੰਦਾ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਨਾ ਸਿਰਫ ਲੋਕਾਂ ਨੂੰ ਲੰਘਣਾ ਔਖਾ ਹੋ ਰਿਹਾ ਹੈ, ਬਲਕਿ ਸੀਵਰੇਜ ਦਾ ਗੰਦਾ ਪਾਣੀ ਵਾਟਰ ਸਪਲਾਈ ਦੇ ਪੀਣ ਵਾਲੇ ਪਾਣੀ ਵਿੱਚ ਮਿਲ ਰਿਹਾ ਹੈ, ਜਿਸ ਦੇ ਨਤੀਜਾ ਲੋਕ ਬੁਰੀ ਤਰ੍ਹਾਂ ਬਹੁਤ ਸਾਰੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਤੇ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਰਿੰਦਰਪਾਲ ਸ਼ਰਮਾ, ਗਗਨਦੀਪ ਸਿਰਸੀਵਾਲਾ, ਸੁਖਜੀਤ ਸਿੰਘ ਰਾਮਾਨੰਦੀ, ਪ੍ਰਸ਼ੋਤਮ, ਬਲਵਿੰਦਰ ਕੌਰ ਖਾਰਾ, ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਬਲਰਾਜ ਸਿੰਘ ਗਰੇਵਾਲ, ਅਜੀਤ ਸਿੰਘ ਸਰਪੰਚ, ਰਾਮਪਾਲ ਸਿੰਘ ਤੇ ਪਰਮਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ।