ਜਬਰ ਵਿਰੋਧੀ ਦਿਵਸ ਸਬੰਧੀ ਸਰਕਾਰ ਖਿਲਾਫ਼ ਲਾਮਬੰਦੀ ਅੱਜ
ਪੱਤਰ ਪ੍ਰੇਰਕ
ਮਾਨਸਾ, 23 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਖਿਲਾਫ਼ ਉਲੀਕੇ 28 ਮਾਰਚ ਦੇ ਜਬਰ ਵਿਰੋਧੀ ਦਿਹਾੜੇ ਵਿੱਚ ਭਰਵੀਂ ਸ਼ਮੂਲੀਅਤ ਦੀ ਤਿਆਰੀ ਵਜੋਂ ਭਲਕੇ 24 ਮਾਰਚ ਨੂੰ ਕੀਤੀਆਂ ਜਾ ਰਹੀਆਂ ਸਰਬ ਸਾਂਝੀਆਂ ਮੀਟਿੰਗਾਂ ਵਿੱਚ ਵੱਡੀ ਪੱਧਰ ’ਤੇ ਸਭ ਵਰਗਾਂ ਨੂੰ ਭਾਗ ਲੈਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਂਝੀਆਂ ਮੀਟਿੰਗਾਂ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਾਰੀਆਂ ਜਥੇਬੰਦੀਆਂ ਆਗੂਆਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਬ ਸਾਂਝੀਆਂ ਮੀਟਿੰਗ ਵਿੱਚ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰੀ ਅਤੇ ਹੋਰ ਕਿਰਤੀ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਔਰਤ ਵਰਗ ਨਾਲ ਸਬੰਧਤ ਸੰਸਥਾਵਾਂ ਨੂੰ ਵੱਧ ਚੜ੍ਹਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਦਿਲਚਸਪ ਗੱਲ ਹੈ ਕਿ ਸੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਖੁਦੜਨ ਲਈ ਪੰਜਾਬ ਪੁਲੀਸ ਵੱਲੋਂ ਵਰਤੇ ਗਏ ਹੱਥ ਕੰਡਿਆਂ ਤੋਂ ਬਾਅਦ ਪੰਜਾਬ ਸਰਕਾਰ ਦੁਆਰਾ ਬੁਲਾਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਸਾਂਝੇ ਤੌਰ ’ਤੇ ਸੰਯੁਕਤ ਕਿਸਾਨ ਮੋਰਚੇ ਨੇ ਨਾ ਭਾਗ ਲੈਣ ਦੇ ਫੈਸਲੇ ਤੋਂ ਬਾਅਦ ਹੁਣ 28 ਮਾਰਚ ਨੂੰ ਰਾਜ ਭਰ ਵਿੱਚ ਜਬਰ ਵਿਰੋਧੀ ਦਿਵਸ ਮਨਾਉਣ ਲਈ ਜਥੇਬੰਦੀਆਂ ਨੇ ਵੱਡੀ ਪੱਧਰ ’ਤੇ ਲਾਮਬੰਦੀ ਭਲਕੇ ਤੋਂ ਕਰਨੀ ਸ਼ੁਰੂ ਕੀਤੀ ਜਾ ਰਹੀ ਹੈ।ਕਿਸਾਨ ਆਗੂ ਰੁਲਦੂ ਸਿੰਘ ਨੇ ਕਿਹਾ ਕਿ 28 ਮਾਰਚ ਨੂੰ ਰਾਜ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਸਾਂਝੇ ਤੌਰ ’ਤੇ ਰੋਸ ਮੁਜ਼ਾਹਰਿਆਂ ਵਿੱਚ ਵੱਡੀ ਪੱਧਰ ’ਤੇ ਸਮੂਲੀਅਤ ਕਰਕੇ ਸਰਕਾਰ ਨੂੰ ਕਿਸਾਨਾਂ,ਮਜ਼ਦੂਰਾਂ,ਨੌਜਵਾਨਾਂ,ਔਰਤਾਂ ਅਤੇ ਹੋਰ ਵਰਗ ਦੇ ਆਪਸੀ ਏਕਤਾ ਨੂੰ ਦਰਸਾਇਆ ਜਾਵੇਗਾ।