ਜਮਹੂਰੀ ਫਰੰਟ ਵੱਲੋਂ ਆਦਿਵਾਸੀਆਂ ਦੇ ਕਤਲੇਆਮ ਖ਼ਿਲਾਫ਼ ਕਨਵੈਨਸ਼ਨ
ਪੱਤਰ ਪ੍ਰੇਰਕ
ਅੰਮ੍ਰਿਤਸਰ, 25 ਮਾਰਚ
ਕੇਂਦਰੀ ਹਕੂਮਤ ਵੱਲੋਂ ਅਖੌਤੀ ਆਰਥਿਕ ਵਿਕਾਸ ਦੇ ਨਾਂਅ ਹੇਠ ਆਦਿਵਾਸੀ ਲੋਕਾਂ ਦੇ ਕੀਤੇ ਜਾ ਰਹੇ ਉਜਾੜੇ, ਕਤਲੇਆਮ ਅਤੇ ਆਦਿਵਾਸੀ ਇਲਾਕਿਆਂ ਦੇ ਜਲ, ਜੰਗਲ, ਜ਼ਮੀਨ ਅਤੇ ਖਣਿਜ ਪਦਾਰਥਾਂ ਦੀ ਕੀਤੀ ਜਾ ਰਹੀ ਲੁੱਟ ਦੇ ਖਿਲਾਫ਼ ਪੰਜਾਬ ਵਿੱਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਵੱਲੋਂ ਅੱਜ ਸ੍ਰ.ਨਾਨਕ ਸਿੰਘ ਸੈਮੀਨਾਰ ਹਾਲ, ਵਿਰਸਾ ਵਿਹਾਰ ਵਿੱਚ ਕਨਵੈਨਸ਼ਨ ਕਰਵਾਈ ਗਈ। ਮੁੱਖ ਬੁਲਾਰੇ, ਜਮਹੂਰੀ ਚਿੰਤਕ ਅਤੇ ਸਮਾਜਿਕ ਕਾਰਕੁਨ ਹਿਮਾਂਸ਼ੂ ਕੁਮਾਰ ਨੇ ਕਿਹਾ ਕਿ ‘ਮਾਰਚ 2026 ਤਕ ਨਕਸਲਵਾਦ ਦਾ ਸਫ਼ਾਇਆ ਕਰਨ’ ਦੀ ਭਾਜਪਾ ਦੀ ਨੀਤੀ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਬਜਾਏ ਕਥਿਤ ਵਿਕਾਸ ਦੇ ਨਾਂ ਹੇਠ ਕਾਰਪੋਰੇਟ ਪ੍ਰਾਜੈਕਟਾਂ ਦਾ ਰਾਹ ਸਾਫ਼ ਕਰਨ ਦੀ ਫਾਸ਼ੀਵਾਦੀ ਨੀਤੀ ਹੈ, ਜਿਸ ਦਾ ਮੁਲਕ ਦੇ ਹਿਤਾਂ ਅਤੇ ਲੋਕਾਂ ਦੇ ਵਿਕਾਸ ਨਾਲ ਕੋਈ ਲੈਣਾ-ਦੇਣਾ ਨਹੀਂ।
ਜਮਹੂਰੀ ਫਰੰਟ ਦੇ ਕਨਵੀਨਰ ਡਾ. ਪਰਮਿੰਦਰ ਨੇ ਕਿਹਾ ਕਿ ਮਾਓਵਾਦੀ ਲਹਿਰ, ਭਾਰਤੀ ਸਟੇਟ ਵੱਲੋਂ ਆਦਿਵਾਸੀ ਲੋਕਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਨਾਬਰਾਬਰੀ ’ਤੇ ਆਧਾਰਿਤ ਮੌਜੂਦਾ ਰਾਜਨੀਤਕ ਪ੍ਰਬੰਧ ਦੀ ਲੋਕ ਵਿਰੋਧੀ ਕਾਰਗੁਜ਼ਾਰੀ ’ਚੋਂ ਉਪਜੀ ਸਮਾਜਿਕ- ਬੇਚੈਨੀ ਦਾ ਨਤੀਜਾ ਹੈ। ਉਨ੍ਹਾਂ ਸਾਰੀਆਂ ਹੀ ਜਮਹੂਰੀ ਤੇ ਨਿਆਂਪਸੰਦ ਤਾਕਤਾਂ ਅਤੇ ਸਮਾਜ ਦੇ ਸਮੂਹ ਚੇਤਨ ਲੋਕਾਂ ਨੂੰ ਹੁਕਮਰਾਨਾਂ ਦੇ ਇਨ੍ਹਾਂ ਮਨਸੂਬਿਆਂ ਅਤੇ ਕਤਲੇਆਮ ਮੁਹਿੰਮ ਖ਼ਿਲਾਫ਼ ਆਵਾਜ਼ ਉਠਾਉਣ ਦੀ ਅਪੀਲ ਕੀਤੀ।