ਜਲੰਧਰ: ਸਫ਼ਾਈ ਸੇਵਕਾਂ ਵੱਲੋਂ ਨਿਗਮ ਦਫ਼ਤਰ ’ਚ ਧਰਨਾ
ਹਤਿੰਦਰ ਮਹਿਤਾ
ਜਲੰਧਰ, 15 ਮਈ
ਇੱਥੇ ਅੱਜ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਵਿੱਚ ਧਰਨਾ ਦਿੱਤਾ। ਇਸ ਦੌਰਾਨ ਕਰਮਚਾਰੀਆਂ ਨੇ ਕੰਮ ਪੂਰੀ ਤਰ੍ਹਾਂ ਬੰਦ ਰੱਖਿਆ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕੀਤੀ। ਚੰਦਨ ਗਰੇਵਾਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਡਰਾਈਵਰਾਂ ਦੀ ਮੁੱਖ ਮੰਗ ਇਹ ਹੈ ਕਿ ਤਿਉਹਾਰਾਂ ਅਤੇ ਛੁੱਟੀਆਂ ਦੌਰਾਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਅੰਮ੍ਰਿਤਸਰ ਕਾਰਪੋਰੇਸ਼ਨ ਦੀ ਤਰਜ਼ ’ਤੇ 13ਵੀਂ ਤਨਖਾਹ ਵਜੋਂ ਵਾਧੂ ਤਨਖਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਤਰੀ ਨੇ ਇਸ ਸਬੰਧੀ ਕਮਿਸ਼ਨਰ ਨੂੰ ਵੀ ਹਦਾਇਤਾਂ ਦਿੱਤੀਆਂ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਸਫਾਈ ਕਰਮਚਾਰੀਆਂ ਨੇ ਇਸ ਵੇਲੇ ਸਫਾਈ, ਕੂੜਾ ਚੁੱਕਣਾ ਤੇ ਹੋਰ ਕੰਮ ਬੰਦ ਕਰ ਦਿੱਤੇ ਹਨ। ਇਸ ਕਾਰਨ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ। ਕੁਝ ਹਫ਼ਤੇ ਪਹਿਲਾਂ, ਯੂਨੀਅਨਾਂ ਦੀ ਮੰਗ ’ਤੇ, ਨਿਗਮ ਪ੍ਰਸ਼ਾਸਨ ਨੇ 16 ਸਫਾਈ ਕਰਮਚਾਰੀਆਂ ਨੂੰ ਸੈਨੇਟਰੀ ਸੁਪਰਵਾਈਜ਼ਰ ਦੇ ਅਹੁਦੇ ’ਤੇ ਤਰੱਕੀ ਦੇਣ ਦੇ ਆਦੇਸ਼ ਜਾਰੀ ਕੀਤੇ ਸਨ। ਹਾਲਾਂਕਿ, ਇਸ ਨੂੰ ਅਜੇ ਤੱਕ ਸਰਕਾਰ ਤੋਂ ਰਸਮੀ ਪ੍ਰਵਾਨਗੀ ਨਹੀਂ ਮਿਲੀ ਹੈ। ਇਸ ਦੌਰਾਨ, ਦੋ ਸੁਪਰਵਾਈਜ਼ਰਾਂ ਨੂੰ ਸੈਨੇਟਰੀ ਇੰਸਪੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ, ਜਿਸ ਕਾਰਨ ਯੂਨੀਅਨ ਧੜੇ ਅੰਦਰ ਨਾਰਾਜ਼ਗੀ ਫੈਲ ਗਈ। ਬੀਤੇ ਮੰਗਲਵਾਰ ਨੂੰ ਯੂਨੀਅਨ ਦੇ ਨੁਮਾਇੰਦਿਆਂ ਨੇ ਮਾਡਲ ਟਾਊਨ ਕੈਂਪ ਆਫਿਸ ਵਿੱਚ ਮੇਅਰ ਅਤੇ ਕਮਿਸ਼ਨਰ ਨਾਲ ਮੀਟਿੰਗ ਕੀਤੀ, ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਨਿਗਮ ਪ੍ਰਸ਼ਾਸਨ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਿਹਾ, ਜਿਸ ਕਾਰਨ ਅੱਜ ਇਹ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਕਾਰਨ ਨਗਰ ਨਿਗਮ ਦਾ ਕੰਮਕਾਜ ਪ੍ਰਭਾਵਿਤ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।