ਜਸਟਿਸ ਵਰਮਾ ਖ਼ਿਲਾਫ਼ ਅਰਜ਼ੀ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਨਕਦੀ ਬਰਾਮਦਗੀ ਮਾਮਲੇ ’ਚ ਐੱਫਆਈਆਰ ਦਰਜ ਕਰਨ ਸਬੰਧੀ ਅਰਜ਼ੀ ਨੂੰ ਫੌਰੀ ਸੂਚੀਬੱਧ ਕਰਨ ’ਤੇ ਸਹਿਮਤੀ ਜਤਾਈ ਹੈ। ਚੀਫ ਜਸਟਿਸ ਬੀਆਰ ਗਵਈ ਅਤੇ ਜਸਟਿਸ ਔਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਵਕੀਲ ਅਤੇ ਅਰਜ਼ੀਕਾਰ ਮੈਥਿਊਜ਼ ਨੇਦੁਮਪਾਰਾ ਦੀਆਂ ਦਲੀਲਾਂ ’ਤੇ ਵਿਚਾਰ ਕੀਤਾ ਅਤੇ ਕਿਹਾ ਕਿ ਜੇ ਖਾਮੀਆਂ ਨੂੰ ਦੂਰ ਕਰ ਦਿੱਤਾ ਜਾਂਦਾ ਹੈ ਤਾਂ ਇਸ ’ਤੇ ਮੰਗਲਵਾਰ ਨੂੰ ਸੁਣਵਾਈ ਹੋ ਸਕਦੀ ਹੈ। ਨੇਦੁਮਪਾਰਾ ਨੇ ਕਿਹਾ ਕਿ ਜੇ ਅਰਜ਼ੀ ’ਚ ਕੋਈ ਖਾਮੀ ਹੈ ਤਾਂ ਉਹ ਉਸ ਨੂੰ ਦੂਰ ਕਰਨਗੇ ਪਰ ਉਨ੍ਹਾਂ ਬੈਂਚ ਨੂੰ ਅਪੀਲ ਕੀਤੀ ਕਿ ਅਰਜ਼ੀ ਬੁੱਧਵਾਰ ਨੂੰ ਸੂਚੀਬੱਧ ਕੀਤੀ ਜਾਵੇ ਕਿਉਂਕਿ ਉਹ ਮੰਗਲਵਾਰ ਨੂੰ ਉਪਲੱਬਧ ਨਹੀਂ ਹੋਣਗੇ। ਬੈਂਚ ਨੇ ਖਾਮੀਆਂ ਦੂਰ ਕਰਨ ਦੀ ਸ਼ਰਤ ’ਤੇ ਅਰਜ਼ੀ ਬੁੱਧਵਾਰ ਨੂੰ ਸੂਚੀਬੱਧ ਕਰਨ ’ਤੇ ਸਹਿਮਤੀ ਜਤਾਈ। ਅੰਦਰੂਨੀ ਜਾਂਚ ਕਮੇਟੀ ਵੱਲੋਂ ਜੱਜ ਨੂੰ ਦੋਸ਼ੀ ਠਹਿਰਾਏ ਜਾਣ ਮਗਰੋਂ ਤਤਕਾਲੀ ਚੀਫ਼ ਜਸਟਿਸ ਸੰਜੀਵ ਖੰਨਾ ਨੇ ਜਸਟਿਸ ਵਰਮਾ ਨੂੰ ਅਸਤੀਫ਼ਾ ਦੇਣ ਲਈ ਕਿਹਾ ਸੀ। ਜਸਟਿਸ ਵਰਮਾ ਵੱਲੋਂ ਅਸਤੀਫ਼ਾ ਦੇਣ ਤੋਂ ਇਨਕਾਰ ਕਰਨ ਮਗਰੋਂ ਤਤਕਾਲੀ ਚੀਫ਼ ਜਸਟਿਸ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਸੀ। ਨੇਦੁਮਪਾਰਾ ਅਤੇ ਤਿੰਨ ਹੋਰਾਂ ਵੱਲੋਂ ਦਾਖ਼ਲ ਅਰਜ਼ੀ ’ਚ ਫੌਰੀ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਦੀ ਮੰਗ ਕਰਦਿਆਂ ਕਿਹਾ ਗਿਆ ਸੀ ਕਿ ਅੰਦਰੂਨੀ ਕਮੇਟੀ ਨੇ ਜਸਟਿਸ ਵਰਮਾ ਖ਼ਿਲਾਫ਼ ਦੋਸ਼ਾਂ ਨੂੰ ਪਹਿਲੀ ਨਜ਼ਰ ’ਚ ਸਹੀ ਪਾਇਆ ਹੈ। -ਪੀਟੀਆਈ